Punjab

ਸੜਕ ਹਾਦਸੇ ’ਚ ਨੌਜਵਾਨ ਦੀ ਮੌਕੇ ’ਤੇ ਮੌਤ, ਦੂਜਾ ਗੰਭੀਰ ਜ਼ਖ਼ਮੀ

ਮਹਿਲ ਕਲਾਂ, 23 ਜੁਲਾਈ : ਸੋਮਵਾਰ ਸਵੇਰੇ 5.30 ਵਜੇ ਦੇ ਕਰੀਬ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਸਹਿਜੜਾ ਵਿਖੇ ਡਰੇਨ ਦੇ ਪੁਲ ਨੇੜੇ ਵਾਪਰੇ ਸੜਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਰੇਤ ਨਾਲ ਭਰੇ ਟਰਾਲੇ ਦਾ ਟਾਇਰ ਦਾ ਫਟਣ ਕਰ ਕੇ ਉਹ ਸੜਕ ਕਿਨਾਰੇ ਖੜ੍ਹਾ ਸੀ। ਪਿੰਡ ਸਹੌਰ ਦੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਟਰਾਲੇ ਦੇ ਪਿੱਛੇ ਜਾ ਟਕਰਾਏ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪਿੱਛੇ ਬੈਠਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਉਰਫ ਕਾਲੂ (ਉਮਰ 28 ਸਾਲ) ਪੁੱਤਰ ਜਰਨੈਲ ਸਿੰਘ ਵਾਸੀ ਸਹੌਰ ਵਜੋਂ ਹੋਈ ਹੈ। ਜ਼ਖ਼ਮੀ ਨੌਜਵਾਨ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ (ਉਮਰ 30 ਸਾਲ), ਪੁੱਤਰ ਗੁਰਮੇਲ ਸਿੰਘ ਵਾਸੀ ਸਹੌਰ ਵਜੋਂ ਹੋਈ। ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਏਕੋਟ ਦੀ ਇਕ ਫੈਕਟਰੀ ’ਚ ਕੰਮ ’ਤੇ ਜਾ ਰਹੇ ਸਨ। ਜ਼ਖ਼ਮੀ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਦੇਖਦਿਆਂ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਇਸ ਮੌਕੇ ’ਤੇ ਥਾਣਾ ਮਹਿਲ ਕਲਾਂ ਤੋਂ ਏਐੱਸਆਈ ਗੁਰਸਿਮਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਜ ਕੇ ਸਥਿਤੀ ਦਾ ਜਾਇਜ਼ਾ ਲੈ ਕੇ ਲਾਸ਼ ਨੂੰ ਸਿਵਿਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਹਾਦਸਾ ਵਾਪਰਦਿਆਂ ਹੀ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਇਸ ਮੌਕੇ ਸੜਕ ਸੁਰੱਖਿਆ ਫੋਰਸ 112 ਦੀ ਟੀਮ ਇੰਚਾਰਜ ਜਗਮੋਹਣ ਸਿੰਘ ਨੇ ਟਰਾਲੇ ਹੇਠੋਂ ਮ੍ਰਿਤਕ ਨੌਜਵਾਨ ਦੀ ਲਾਸ਼ ਕਢਵਾਈ ਤੇ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।

Related Articles

Leave a Reply

Your email address will not be published. Required fields are marked *

Back to top button