Punjab

ਦੁਬਈ ਤੋਂ ਧਰਮਬੀਰ ਦੀ ਮ੍ਰਿਤਕ ਦੇਹ ਭਾਰਤ ਪੁੱਜੀ

ਅੰਮ੍ਰਿਤਸਰ, 25 ਜੁਲਾਈ : ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਨੇੜਲੇ ਪਿੰਡ ਲਹਿਰਾ ਨਾਲ ਸਬੰਧਤ ਧਰਮਬੀਰ (26) ਪੁੱਤਰ ਮੇਜਰ ਰਾਮ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ। ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਧਰਮਬੀਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਮੁਤਾਬਕ ਅਚਾਨਕ ਸਿਹਤ ਖਰਾਬ ਹੋਣ ’ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਬੀਤੀ 17 ਜੁਲਾਈ ਨੂੰ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਜਗਦੇਵ ਸਿੰਘ ਛੀਨਾ ਵੱਲੋਂ ਪ੍ਰਾਪਤ ਕਰ ਕੇ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਧਰਮਬੀਰ ਦਾ ਮ੍ਰਿਤਕ ਸਰੀਰ ਭੇਜਣ ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ. ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਹੁਸ਼ਿਆਰਪੁਰ ਜ਼ਿਲ੍ਹਾ ਟੀਮ ਵੱਲੋਂ ਜਲਦੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਧਰਮਬੀਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ। ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਫੁੱਫੜ ਜਸਪਾਲ ਸਿੰਘ, ਚਾਚਾ ਲੇਖਰਾਜ, ਚਾਚਾ ਸੰਦੀਪ ਕੁਮਾਰ,ਚਾਚਾ ਚਰਨਜੀਤ ਸਿੰਘ, ਮਾਮਾ ਬੁੱਧ ਰਾਮ ਅਤੇ ਭਰਾ ਬਲਜਿੰਦਰ ਸਿੰਘ ਆਦਿ ਨੇ ਡਾ. ਐੱਸਪੀ ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button