ਨਸ਼ਾ ਮੁਕਤੀ ਯਾਤਰਾ ਤਹਿਤ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਆਯੋਜਿਤ
ਡਾ. ਅਮਨਦੀਪ ਕੌਰ ਗੋਸਲ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਦਿਵਾਇਆ ਸਮੂਹਿਕ ਪ੍ਰਣ

ਬਾਲ ਕਿਸ਼ਨ
ਫਿਰੋਜ਼ਪੁਰ, 27 ਜੁਲਾਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਵਿੱਚ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਡਾ. ਅਮਨਦੀਪ ਕੌਰ ਗੋਸਲ ( ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਵੱਲੋਂ ਹਲਕੇ ਦੇ ਪਿੰਡ ਬਾਘੇ ਵਾਲਾ, ਬਸਤੀ ਗੁਰਦਿਆਲ ਸਿੰਘ, ਬਸਤੀ ਬੱਗੇਵਾਲੀ ਅਤੇ ਬਸਤੀ ਕਿਸ਼ਨ ਸਿੰਘ ਵਿਚ ਪਹੁੰਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਸਮੂਹਿਕ ਪ੍ਰਣ ਦਿਵਾਇਆ ਤੇ ਨਸ਼ਿਆਂ ਖਿਲਾਫ ਡਟਣ ਦਾ ਸੱਦਾ ਦਿੱਤਾ ਗਿਆ। ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ. ਅਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸਾਬਕਾ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਮੱਦੇਨਜ਼ਰ ਨਸ਼ਿਆਂ ਦਾ ਪ੍ਰਸਾਰ ਵਧਿਆ, ਜਿਸਦਾ ਸਭ ਤੋਂ ਜਿਆਦਾ ਬੁਰਾ ਅਸਰ ਪੰਜਾਬ ਤੇ ਪੰਜਾਬ ਦੀ ਨੌਜਵਾਨੀ ਨੂੰ ਝੱਲਣਾ ਪੈ ਰਿਹਾ ਹੈ। ਪ੍ਰੰਤੂ ਹੁਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਦ੍ਰਿੜ ਸੰਕਲਪ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਪਿੰਡਾਂ ‘ਚ ਕੀਤੀਆਂ ਜਾ ਰਹੀਆਂ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਲੋਕਾਂ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਨਸ਼ਾ ਤਸਕਰਾਂ ਵਿਰੁੱਧ ਲਹਿਰ ਖੜ੍ਹੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਡੀ ਨੌਜਵਾਨੀ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਾ ਮੁਕਤ ਰੱਖਣ ਦੀ ਲੜਾਈ ਲੜ ਰਹੇ ਹਾਂ, ਜਿਸ ਦਾ ਸਮਰਥਨ ਕਰਨਾ ਹਰੇਕ ਨਾਗਰਿਕ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੇ ਜਾਣ ਲਈ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦਲੇਰ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।



