
ਖਾਲੜਾ, 4 ਅਗਸਤ : ਥਾਣਾ ਖਾਲੜਾ ਦੀ ਪੁਲਿਸ ਨੇ ਬੀਐੱਸਐੱਫ ਦੇ ਜਵਾਨਾਂ ਸਮੇਤ ਗਸ਼ਤ ਦੌਰਾਨ ਪਿੰਡ ਡਲੀਰੀ ਦੇ ਇਲਾਕੇ ’ਚੋਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਮੋਬਾਈਲ ਤੇ ਪਿਸਟਲ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਸਮਰਦੀਪ ਸਿੰਘ ਸਮਰ ਪੁੱਤਰ ਗੁਰਬੀਰ ਸਿੰਘ ਵਾਸੀ ਮਾੜੀ ਕੰਬੋਕੇ ਤੇ ਸਿਕੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਡੱਲ ਵਜੋਂ ਪਛਾਣੇ ਗਏ। ਉਕਤ ਨੌਜਵਾਨ ਸ਼ੱਕੀ ਹਲਾਤਾਂ ’ਚ ਘੁੰਮ ਰਹੇ ਸਨ, ਜਿਨ੍ਹਾਂ ਨੂੰ ਰੋਕ ਕੇ ਥਾਣਾ ਖਾਲੜਾ ਦੀ ਪੁਲਿਸ ਨੇ ਤਲਾਸ਼ੀ ਲਈ ਤਾਂ ਸਮਰਦੀਪ ਸਿੰਘ ਕੋਲੋਂ ਮੋਬਾਈਲ ਫੋਨ ਅਤੇ ਬਿਨਾਂ ਮੈਗਜ਼ੀਨ ਦਾ ਪਿਸਟਲ ਪੀ ਐਕਸ 5 ਬਰਾਮਦ ਹੋਇਆ। ਜਦੋਂਕਿ ਸਿਕੰਦਰ ਸਿੰਘ ਕੋਲੋਂ ਗਲੌਕ ਪਿਸਟਲ ਬਰਾਮਦ ਕੀਤਾ ਗਿਆ। ਮੁਲਜ਼ਮਾਂ ਕੋਲੋਂ ਤਿੰਨ ਕਾਰਤੂਸ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਲਈ ਚੌਕੀ ਰਾਜੋਕੇ ਦੇ ਇੰਚਾਰਜ ਸਬ ਇੰਸਪੈਕਟਰ ਲਖਬੀਰ ਸਿੰਘ ਦੀ ਡਿਊਟੀ ਲਾਈ ਗਈ ਹੈ।



