Punjab

ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਵਤੀਰੇ ਖ਼ਿਲਾਫ਼ ਜਥੇਬੰਦੀਆਂ ਨੇ ਕੀਤੀ ਨਾਅਰੇਬਾਜ਼ੀ

ਤਰਨਤਾਰਨ, 4 ਅਗਸਤ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨੂੰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਮਸਲਿਆਂ ਦੇ ਹੱਲ ਲਈ ਪਿਛਲੇ ਤਿੰਨਾਂ ਸਾਲਾਂ ਤੋਂ ਵਾਰ ਵਾਰ ਮੀਟਿੰਗਾਂ ਦੇ ਕੇ ਮੁਲਤਵੀ ਕਰਨ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਵਤੀਰੇ ਖ਼ਿਲਾਫ਼ ਸਾਂਝਾ ਫਰੰਟ ਦੇ ਸੂਬਾ ਪੱਧਰੀ ਫ਼ੈਸਲੇ ’ਤੇ ਜਥੇਬੰਦੀਆਂ ਨੇ ਜਿੱਥੇ ਸ਼ਨਿਚਰਵਾਰ ਨੂੰ ਨਾਅਰੇਬਾਜ਼ੀ ਕੀਤੀ, ਉੱਥੇ ਹੀ 5 ਤੋਂ 12 ਅਗਸਤ ਤੱਕ ਤਹਿਸੀਲ ਤੇ ਜ਼ਿਲ੍ਹਾ ਪੱਧਰ ’ਤੇ ਮੁੱਖ ਮੰਤਰੀ ਤੇ ਖਜ਼ਾਨਾ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਦਿੱਤੇ ਸਾਂਝੇ ਸੰਘਰਸ਼ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਸਥਾਨਕ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਦੀ ਭਰਵੀਂ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਸਾਂਝੇ ਤੌਰ ’ਤੇ ਕਾਰਜ ਸਿੰਘ ਕੈਰੋਂ ਅਤੇ ਦਵਿੰਦਰ ਸਿੰਘ ਨੇ ਕੀਤੀ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ ਤੇ ਗੁਰਭੇਜ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਤਿੰਨਾਂ ਸਾਲਾਂ ਦੇ ਕਾਰਜਕਾਲ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਹੋਇਆ ਹੈ। ਆਗੂਆਂ ਨੇ ਅੱਗੇ ਕਿਹਾ ਕਿ ਸਰਕਾਰ ਪੈਂਡਿੰਗ ਮਸਲਿਆਂ ਨੂੰ ਹੱਲ ਕਰਨ ਲਈ ਟੇਬਲ ਤੇ ਬੈਠਣ ਤੋਂ ਆਨੇ ਬਹਾਨੇ ਕੰਨੀ ਕਤਰਾਅ ਕੇ ਵਾਰ-ਵਾਰ ਲਿਖਤੀ ਮੀਟਿੰਗਾਂ ਤਹਿ ਕਰਕੇ ਮੁਲਤਵੀ ਕਰ ਰਹੀ ਹੈ। ਪੰਜਾਬ ਸਰਕਾਰ ਦੇ ਗੱਲਬਾਤ ਤੋਂ ਭੱਜਣ ਦੇ ਘਟੀਆ ਵਤੀਰੇ ਵਿਰੁੱਧ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਅਗਵਾਈ ਕਰਨ ਵਾਲੇ ਸੰਗਠਨ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਮੁੱਖ ਮੰਤਰੀ ਤੇ ਖਜ਼ਾਨਾ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਫੈਸਲੇ ਨੂੰ ਲਾਗੂ ਕਰਨ ਲਈ ਸਥਾਨਕ ਜਿਲ੍ਹੇ ਨਾਲ ਸਬੰਧਤ ਮੁਲਾਜ਼ਮ ਤੇ ਪੈਨਸ਼ਨਰ 5 ਅਗਸਤ ਨੂੰ ਸਵੇਰੇ 10.30 ਵਜੇ ਸਥਾਨਕ ਬੱਸ ਸਟੈਂਡ ਵਿਖੇ ਵੱਡਾ ਇਕੱਠ ਕਰਕੇ ਰੋਸ ਰੈਲੀ ਕਰਨ ਤੋਂ ਬਾਅਦ ਪੁਰਾਣੇ ਡੀਸੀ ਦਫਤਰ ਵਾਲੇ ਚੌਕ ’ਚ ਮੁਜ਼ਾਹਰਾ ਕਰਕੇ ਪੰਜਾਬ ਦੇ ਮੁੱਖ ਮੰਤਰੀ ਤੇ ਖਜ਼ਾਨਾ ਮੰਤਰੀ ਦੀਆਂ ਅਰਥੀਆਂ ਫੂਕ ਕੇ ਝੂਠੇ ਲਾਰੇ ਲਾਉਣ ਵਾਲੇ ਹਾਕਮਾਂ ਖ਼ਿਲਾਫ਼ ਰੋਸ ਪ੍ਰਗਟਾਵਾ ਕਰਨਗੇ। ਆਗੂਆਂ ਨੇ ਦੱਸਿਆ ਕਿ 7 ਅਗਸਤ ਨੂੰ ਐੱਸਡੀਐੱਮ ਦਫਤਰ ਪੱਟੀ ਤੇ ਬਿਜਲੀ ਦਫ਼ਤਰ ਭਿੱਖੀਵਿੰਡ ਤੇ 8 ਅਗਸਤ ਨੂੰ ਖਡੂਰ ਸਾਹਿਬ ਵਿਖੇ ਵੀ ਤਹਿਸੀਲ ਪੱਧਰ ’ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਕਰਦਿਆਂ ਮੁਲਾਜ਼ਮ ਤੇ ਪੈਨਸ਼ਨਰ ਮਸਲਿਆਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਸਰਕਾਰੀ ਅਦਾਰਿਆਂ ’ਚ ਕੰਮ ਕਰ ਰਹੇ ਸਾਰੇ ਕੱਚੇ ਕਾਮੇ ਪੱਕੇ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਣ ਵਾਲੇ ਸਾਰੇ ਕਰਮਚਾਰੀਆਂ ਤੇ ਕੇਂਦਰ ਦਾ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦੀ ਬਜਾਏ ਪੰਜਾਬ ਦਾ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ, ਪੈਂਡਿੰਗ 13 ਪ੍ਰਤੀਸ਼ਤ ਮਹਿੰਗਾਈ ਭੱਤਾ ਜਾਰੀ ਕਰਨ, ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ 2.59 ਗੁਣਾਂਕ ਨਾਲ ਕਰਨ, ਸਾਰੇ ਸਰਕਾਰੀ ਵਿਭਾਗਾਂ ’ਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ ਆਦਿ ਮੁੱਦਿਆਂ ਨੂੰ ਹੱਲ ਕਰਨ ਲਈ ਆਵਾਜ਼ ਬੁਲੰਦ ਕਰਨਗੇ। ਮੀਟਿੰਗ ’ਚ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਗੁਰਦੇਵ ਸਿੰਘ ਸੰਧੂ , ਪ੍ਰਿੰਸੀਪਲ ਦਲਬੀਰ ਸਿੰਘ ਦਿਉਲ, ਜੱਸਾ ਸਿੰਘ ਕੱਦਗਿੱਲ, ਰਾਕੇਸ਼ ਕੁਮਾਰ ਮਲਹੋਤਰਾ, ਮੁਖਤਿਆਰ ਸਿੰਘ ਪੱਟੀ, ਸਤਨਾਮ ਸਿੰਘ ਰੋਡਵੇਜ਼, ਅੰਮਿ੍ਤਪਾਲ ਸਿੰਘ ਬਾਕੀਪੁਰ, ਲਖਬੀਰ ਸਿੰਘ ਸੰਧੂ, ਵਿਜੇ ਕੁਮਾਰ ਆਦਿ ਨੇ ਹਿੱਸਾ ਲਿਆ।

Related Articles

Leave a Reply

Your email address will not be published. Required fields are marked *

Back to top button