
ਪਟਿਆਲਾ, 5 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ੰਗੀਨ ਦੋਸ਼ਾਂ ਦੇ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕੋ ਦੇਸ਼ ’ਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਡੇਰਾ ਸਿਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵੱਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨਾਂ ਵੱਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਵੀ ਜੇਲ੍ਹਾਂ ’ਚ ਬੰਦ ਹੋਇਆਂ ਨੂੰ ਲੰਮਾ ਸਮਾਂ ਹੋ ਗਿਆ ਹੈ, ਉਨਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਗੁਰਮੀਤ ਰਾਮ ਰਹੀਮ ਸਿੰਘ ਨੂੰ ਚੋਣਾਂ ਦੇ ਨੇੜੇ ਹੀ ਫ਼ਰਲੋ ਜਾਂ ਪੈਰੋਲ ਕਿਉਂ ਦਿੱਤੀ ਜਾਂਦੀ ਹੈ, ਜੋ ਕਿ ਆਪਣੇ ਆਪ ’ਚ ਇੱਕ ਵੱਡੇ ਸਵਾਲ ਖੜ੍ਹੇ ਕਰਦੀ ਹੈ।



