Punjab

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦਾ ਵਫ਼ਦ ਧਾਮੀ ਨੂੰ ਮਿਲਿਆ

31 ਅਗਸਤ ਨੂੰ ਸਜਾਏ ਜਾ ਰਹੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਦਾ ਦਿੱਤਾ ਸੱਦਾ

ਅੰਮ੍ਰਿਤਸਰ, 7 ਅਗਸਤ : ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਵਫ਼ਦ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਵਿਚਾਰ-ਚਰਚਾ ਕੀਤੀ। ਵਫ਼ਦ ਨੇ ਧਾਮੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸੰਸਥਾ ਵੱਲੋਂ ਸਹਿਯੋਗ ਦੀ ਅਪੀਲ ਕੀਤੀ। ਵਫ਼ਦ ਵਿਚ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸਿੱਖ ਆਗੂ ਜਸਬੀਰ ਸਿੰਘ ਧਾਮ ਮੁੰਬਈ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੌਜੂਦ ਸਨ। ਮੁਲਾਕਾਤ ਦੌਰਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਝਾੜਖੰਡ, ਬੰਗਾਲ, ਕੋਲਕਾਤਾ, ਆਸਨਸੋਹਲ, ਉੜੀਸਾ, ਬਨਾਰਸ, ਕਾਨ੍ਹਪੁਰ, ਲਖਨਊ, ਉਤਰਾਖੰਡ, ਦਿੱਲੀ ਅਤੇ ਹਰਿਆਣਾ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਜਿੱਥੇ ਸ਼ਮੂਲੀਅਤ ਲਈ ਬੇਨਤੀ ਕਰਨ ਆਏ ਹਨ, ਉਥੇ ਹੀ ਉਨ੍ਹਾਂ ਨੇ ਸਿੱਖ ਸੰਸਥਾ ਵੱਲੋਂ ਸਹਿਯੋਗ ਲਈ ਵੀ ਅਪੀਲ ਕੀਤੀ ਹੈ। ਇਸ ਮੌਕੇ ਧਾਮੀ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਕੌਮੀ ਜਾਹੋ-ਜਲਾਲ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਲਈ ਹਰ ਤਰ੍ਹਾਂ ਦੇਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਰਣਜੀਤ ਸਿੰਘ ਕਾਹਲੋਂ, ਅੰਮ੍ਰਿਤਪਾਲ ਸਿੰਘ ਕੁਲਾਰ, ਓਐੱਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਰਣਜੀਤ ਸਿੰਘ ਜਲੰਧਰ ਸਮੇਤ ਹੋਰ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button