
ਬਠਿੰਡਾ, 12 ਅਗਸਤ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਰੋਸ ਹਫਤਾ ਮਨਾਉਂਦਿਆਂ ਸਾਂਝਾ ਫਰੰਟ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ ਕਰਦਿਆਂ ਬੱਸ ਸਟੈਂਡ ਦੇ ਗੇਟ ’ਤੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ ਗਿਆ।ਸਾਂਝੇ ਫਰੰਟ ਦੇ ਸੂਬਾ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਲਿਖਤੀ ਰੂਪ ਵਿਚ ਸਮੇਂ-ਸਮੇਂ ’ਤੇ ਮੀਟਿੰਗਾਂ ਦਿੱਤੀਆਂ ਗਈਆਂ ਸਨ ਪਰ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਲਗਾਤਾਰ ਇਨ੍ਹਾਂ ਮੀਟਿੰਗਾਂ ਨੂੰ ਅੱਗੇ ਤੋਂ ਅੱਗੇ ਪਾਇਆ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਏ ਕਿ ਪਿਛਲੇ ਲੰਬੇ ਸਮੇਂ ਤੋਂ ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾ ਰਹੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਨਵ ਨਿਯੁਕਤ ਮੁਲਾਜ਼ਮਾਂ ਤੇ ਕੇਂਦਰੀ ਪੈਟਰਨ ਲਾਗੂ ਕੀਤਾ ਹੋਇਆ ਹੈ, ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਕਿਸ਼ਤਾਂ ਨਹੀਂ ਦਿੱਤਾ ਜਾ ਰਿਹਾ, ਛੇਵੇਂ ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਨਹੀਂ ਕੀਤੀਆਂ ਜਾ ਰਹੀਆਂ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਜਿਸ ਕਰਕੇ ਸਾਂਝਾ ਫਰੰਟ ਆਉਣ ਵਾਲੇ ਸਮੇਂ ਵਿਚ ਤਿੱਖੇ ਸੰਘਰਸ਼ ਉਲੀਕੇਗਾ। ਅੱਜ ਦੀ ਇਸ ਰੋਸ ਰੈਲੀ ਵਿਚ ਸਾਂਝੇ ਫਰੰਟ ਨੇ ਬਿਜਲੀ ਬੋਰਡ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ ਕਰਨ ਦਾ ਫੈਸਲਾ ਲਿਆ। ਇਸੇ ਤਰ੍ਹਾਂ ਬਠਿੰਡਾ ਵਿਖੇ ਬੱਸ ਸਟੈਂਡ ਨੂੰ ਪੁਰਾਣੀ ਜਗ੍ਹਾ ’ਤੇ ਰੱਖਣ ਦੀ ਹਮਾਇਤ ਕੀਤੀ। ਅੱਜ ਇਸ ਇਕੱਠ ਨੂੰ ਸਾਥੀ ਦਰਸ਼ਨ ਸਿੰਘ ਮੌੜ,ਜਗਪਾਲ ਸਿੰਘ ਬੰਗੀ, ਰਣਜੀਤ ਸਿੰਘ ਤੂਰ, ਪ੍ਰਿੰਸੀਪਲ ਰਣਜੀਤ ਸਿੰਘ, ਧੰਨਾ ਸਿੰਘ ਤਿਗੜੀ, ਬਲਰਾਜ ਸਿੰਘ ਮੌੜ, ਗੁਰਮੇਲ ਸਿੰਘ, ਕੈਲਾਸ਼ ਕੁਮਾਰ, ਆਤਮਤੇਜ ਸ਼ਰਮਾ, ਸਿਕੰਦਰ ਧਾਲੀਵਾਲ, ਅਰੁਣ ਕੁਮਾਰ ਆਦਿ ਆਗੂਆਂ ਨੇ ਸੰਬੋਧਨ ਕੀਤਾ।



