
ਅੰਮ੍ਰਿਤਸਰ, 17 ਅਗਸਤ : 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਜਿਸ ਮਗਰੋਂ ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿੱਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਇਸ ਦੇਸ਼ ਵੰਡ ਸਮੇਂ ਸਿੱਖ ਕੌਮ ਨੂੰ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਪਾਕਿਸਤਾਨ ’ਚ ਰਹਿ ਗਏ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਅੱਜ ਵੀ ਹਰ ਸਿੱਖ ਅੰਦਰ ਮੌਜੂਦ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਅਨੇਕਾਂ ਬੇਕਸੂਰ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕਰਨੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਮੈਨੇਜਰ ਨਰਿੰਦਰ ਸਿੰਘ, ਰਜਿੰਦਰ ਸਿੰਘ, ਭਾਈ ਮੰਗਲ ਸਿੰਘ, ਭਾਈ ਪਰਮਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।



