
ਅੰਮ੍ਰਿਤਸਰ, 17 ਅਗਸਤ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ ਪ੍ਰਸਿੱਧ ਸਿੱਖ ਡਾ. ਮਨਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐੱਸਡੀ ਸਤਬੀਰ ਸਿੰਘ ਧਾਮੀ ਤੇ ਸਕੱਤਰ ਪ੍ਰਤਾਪ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲ ਕਰਦਿਆਂ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਆਪਣੀ ਮੁਹਾਰਤ ਕਰਕੇ ਡਾ. ਮਨਦੀਪ ਸਿੰਘ ਨੇ ਮੈਡੀਕਲ ਦੇ ਖੇਤਰ ਅੰਦਰ ਦੁਨੀਆ ਵਿਚ ਆਪਣਾ ਨਾਂ ਬਣਾਇਆ ਹੈ। ਉਨ੍ਹਾਂ ਕਿਹਾ ਸਿੱਖੀ ਸਰੂਪ ਵਿਚ ਰਹਿ ਕੇ ਸੇਵਾ ਕਰਦੇ ਡਾ. ਮਨਦੀਪ ਸਿੰਘ ਨੌਜਵਾਨਾਂ ਲਈ ਵੀ ਪ੍ਰੇਰਣਾ ਹਨ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਡਾ. ਮਨਦੀਪ ਸਿੰਘ ਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ। ਇਸੇ ਦੌਰਾਨ ਡਾ. ਮਨਦੀਪ ਸਿੰਘ ਨੇ ਕਿਹਾ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਡਾਕਟਰ ਮਨਦੀਪ ਸਿੰਘ ਨੇ ਪਰਿਵਾਰਕ ਮੈਂਬਰਾਂ ਵਿਚ ਗੁਰਬਚਨ ਸਿੰਘ, ਭਾਈ ਤਰਜਿੰਦਰ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਜਗਜਿੰਦਰ ਕੌਰ, ਰਣਜੀਤ ਸਿੰਘ ਆਦਿ ਮੌਜੂਦ ਸਨ।



