
ਤਰਨਤਾਰਨ, 17 ਅਗਸਤ : ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵੱਲੋਂ ਤਰਨਤਾਰਨ ਦੇ ਬੱਸ ਅੱਡੇ ਵਿਖੇ ਮੰਗਾਂ ਨੂੰ ਲੈ ਕੇ ਡੀਪੂ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤਾ ਸੰਘਰਸ਼ ਤੀਸਰੇ ਦਿਨ ਵੀ ਜਾਰੀ ਰਿਹਾ। ਸ਼ਨਿੱਚਰਵਾਰ ਨੂੰ ਸੂਬੇ ’ਚ ਪੰਜਾਬ ਰੋਡਵੇਜ਼ ਠੇਕਾ ਕਾਮਿਆਂ ਨੇ ਉਲੀਕੇ ਪ੍ਰੋਗਰਾਮ ਮੁਤਾਬਕ ਬੱਸਾਂ ਦਾ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕਰਦਿਆਂ ਏਡੀਓ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡੀਪੂ ਪ੍ਰਧਾਨ ਰਣਜੀਤ ਸਿੰਘ ਨੇ ਆਪਣੀ ਟੀਮ ਸਮੇਤ ਕਿਹਾ ਕਿ ਪਿਛਲੇ ਲੰਮੇ ਸਮੇ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ ਠੇਕੇਦਾਰ ਵਿਚੋਲਿਆਂ ਦੀ ਗੁਲਾਮੀ ਖ਼ਤਮ ਕਰ ਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਪਨਬੱਸ ਦੇ ਏਡੀਓ ਵੱਲੋ ਜਥੇਬੰਦੀ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੇ ਸਰਕਾਰ ਦੇ ਹੁਕਮਾਂ ਨੂੰ ਵਾਰ ਵਾਰ ਤੋੜ ਮਰੋੜ ਕੇ ਲਾਗੂ ਕੀਤਾ ਜਾ ਰਿਹਾ ਹੈ। ਵਿਭਾਗਾਂ ਨੂੰ ਸੂਚਾਰੂ ਢੰਗ ਨਾਲ ਚਲਾਉਣ ਦੀ ਬਜਾਏ ਅੜਿੱਕਾ ਪੈਦਾ ਕੀਤਾ ਜਾ ਰਿਹਾ ਹੈ। 15 ਅਗਸਤ ਨੂੰ ਚੀਫ ਸੈਕਟਰੀ ਅਤੇ ਸੈਕਟਰੀ ਟਰਾਂਸਪੋਰਟ ਵੱਲੋਂ ਦਿੱਤੀ ਸਹਿਮਤੀ ਮੁਤਾਬਕ ਪੱਤਰ ਜਾਰੀ ਕਰਨ ਦੀ ਬਜਾਏ ਤੋੜ ਮਰੋਡ਼ ਕੇ ਫ਼ੈਸਲੇ ਥੋਪੇ ਜਾ ਰਹੇ ਹਨ, ਜੋ ਵਿਭਾਗ ਦੇ ਹਿੱਤ ’ਚ ਕੋਈ ਵੀ ਸਹੀ ਫੈਸਲਾ ਲੈਣ ਤੋ ਪੂਰੀ ਤਰਾ ਅਸਮਰੱਥ ਹੈ। ਜਿਸ ਕਾਰਨ ਜਥੇਬੰਦੀ ਨੂੰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜਿਸ ਕਰ ਕੇ ਰੋਡਵੇਜ਼ ਕਾਮਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਇਸੇ ਨੂੰ ਧਿਆਨ ’ਚ ਰੱਖਦੇ ਹੋਏ ਇਹ ਪੁਤਲੇ ਫੂਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਉਲੀਕੇ ਪ੍ਰੋਗਰਾਮ ਮੁਤਾਬਕ 17 ਅਗਸਤ ਐਤਵਾਰ ਤੋਂ ਚੰਡੀਗੜ੍ਹ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਤਾਨਾਸ਼ਾਹੀ ਰਵੱਈਆ ਅਪਨਾਉਣ ਵਾਲੇ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਸੂਬਾ ਆਗੂ ਦਲਵਿੰਦਰ ਸਿੰਘ, ਚੇਅਰਮੈਨ ਅਵਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਲਵਪ੍ਰੀਤ ਸਿੰਘ, ਸੈਕਰਟਰੀ ਬਲਜੀਤ ਸਿੰਘ, ਸਰਪ੍ਰਸਤ ਗੁਰਵੇਲ ਸਿੰਘ ਤੋਂ ਇਲਾਵਾ ਤਰਨਤਾਰਨ ਡੀਪੂ ਦੇ ਰੋਡਵੇਜ ਕਾਮੇ ਵੀ ਮੌਜੂਦ ਸਨ।



