Punjab

ਲੁੱਟਾਂ-ਖੋਹਾਂ ਕਰਨ ਵਾਲਾ 3 ਮੈਂਬਰੀ ਗਿਰੋਹ ਗ੍ਰਿਫਤਾਰ

ਲੁਧਿਆਣਾ, 20 ਅਗਸਤ : ਲੁਧਿਆਣਾ ਪੁਲਿਸ ਨੇ ਇੱਕ ਅਜਿਹੇ 3 ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ, ਜੋ ਲਗਾਤਾਰ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਜਾਣਕਾਰੀ ਦਿੰਦਿਆਂ ਡੀਸੀਪੀ ਸਿਟੀ ਰੁਪਿੰਦਰ ਸਿੰਘ, ਡੀਸੀਪੀ ਇਨਵੈਸਟੀਗੇਸ਼ਨ ਹਰਪਾਲ ਸਿੰਘ, ਏਡੀਸੀਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਤੇ ਥਾਣਾ ਪੀਏਯੂ ਦੇ ਇੰਚਾਰਜ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਰਹਿਣ ਵਾਲੇ ਵਰੁਣ ਮਿੱਤਲ, ਜੋਧੇਵਾਲ ਬਸਤੀ ਲੁਧਿਆਣਾ ਦੇ ਵਾਸੀ ਗਗਨਦੀਪ ਸ਼ਰਮਾ ਉਰਫ ਗਗਨ ਤੇ ਜਮਾਲਪੁਰ ਵਾਸੀ ਸੰਜੀਵ ਗੋਇਲ ਵਜੋਂ ਹੋਈ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ’ਚੋਂ 15 ਲੱਖ 78 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਤੇ 695 ਅਮਰੀਕੀ ਡਾਲਰ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਕੁਝ ਸਮੇਂ ਤੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। 16 ਅਗਸਤ ਨੂੰ ਮੁਲਜ਼ਮਾਂ ਨੇ ਕਿਚਲੂ ਨਗਰ ਲੁਧਿਆਣਾ ਦੇ ਇਲਾਕੇ ’ਚ ਬੰਦੂਕ ਦੀ ਨੋਕ ’ਤੇ ਚਾਰਸ ਗਰਗ ਤੇ ਉਸ ਦੇ ਚਾਚੇ ਨੂੰ ਨਿਸ਼ਾਨਾ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਕੁਝ ਹੋਰ ਵੀ ਸਾਥੀ ਹਨ। ਪੁਲਿਸ ਮੁਲਜ਼ਮਾਂ ਦੇ ਭਗੋੜੇ ਸਾਥੀ ਅੰਮ੍ਰਿਤਸਰ ਦੇ ਰਹਿਣ ਵਾਲੇ ਦੀਪਕ ਸਿੰਘ, ਨਵਦੀਪ ਸਿੰਘ ਉਰਫ ਰੋਮੀ ਤੇ ਜੱਗਾ ਦੀ ਤਲਾਸ਼ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਛਾਪਾਮਾਰੀ ਕਰ ਰਹੀ ਹੈ। ਥਾਣਾ ਪੀਏਯੂ ਦੇ ਇੰਚਾਰਜ ਹਰਸ਼ਵੀਰ ਸਿੰਘ ਮੁਤਾਬਕ ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਹੈ। ਪੁੱਛਗਿੱਛ ਦੌਰਾਨ ਲੁੱਟ ਦੀਆਂ ਹੋਰ ਘਟਨਾਵਾਂ ਬਾਰੇ ਪਤਾ ਲਗਾਇਆ ਜਾਵੇਗਾ। ਬਰਾਮਦਗੀ ਦੇ ਸਬੰਧ ’ਚ ਵੀ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button