
ਤਰਨਤਾਰਨ, 23 ਅਗਸਤ : ਪੰਜਾਬ ਸਰਕਾਰ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਪਾਣੀ ਦੀ ਮਾਰ ਹੇਠ ਆਏ ਖੇਤਰਾਂ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ, ਸਿਹਤ ਵਿਭਾਗ ਦੇ ਅਫ਼ਸਰਾਂ, ਆਈਐੱਮਏ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ’ਚ ਹੜ੍ਹਾਂ ਵਰਗੀ ਪੈਦਾ ਹੋਈ ਸਥਿਤੀ ਸਬੰਧੀ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹੇ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿਚ ਪਾਣੀ ਦੇ ਸੈਂਪਲ ਲਏ ਜਾਣ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਿਹਤ ਵਿਭਾਗ ਵੱਲੋਂ ਪਾਣੀ ਦੀ ਮਾਰ ਹੇਠ ਆਏ ਖੇਤਰਾਂ ਵਿਚ ਲਗਾਤਾਰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਦਾ ਕਾਰਜ ਵੱਡੇ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਥਿਤੀ ਅਜੇ ਕੰਟਰੋਲ ਅਧੀਨ ਹੈ ਅਤੇ ਸੰਭਾਵੀਂ ਹੜ੍ਹਾਂ ਤੋਂ ਬਚਾਅ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਉਚਿਤ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ’ਚ ਹੜ੍ਹਾਂ ਨੂੰ ਲੈ ਕੇ ਹਾਲਾਤ ਅਜੇ ਕਾਬੂ ਹੇਠ ਹਨ। ਪਰ ਖਡੂਰ ਸਾਹਿਬ, ਪੱਟੀ ਅਤੇ ਤਰਨਤਾਰਨ ਦੇ ਪਿੰਡਾਂ ਵਿਚ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆਂ ਹੈ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀ ਦੀ ਮਾਰ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਸਿਵਲ ਹਸਪਤਾਲ ਤਰਨ ਤਾਰਨ ਅਤੇ ਸਬ-ਡਵੀਨਜ਼ਲ ਹਸਪਤਾਲਾਂ ਵਿਚ ਰਾਖਵੇਂ ਬੈੱਡਾਂ ਰੱਖਣ ਦੀ ਹਦਾਇਤ ਕੀਤੀ ਗਈ ਹੈ ਇਕ ਹਜਾਰ ਡਾਕਟਰਾਂ ਦੀ ਭਰਤੀ ਦਾ ਕੰਮ ਮੁਕੰਮਲ, ਜਲਦ ਹੋਵੇਗੀ ਤਾਇਨਾਤੀ ਮੀਟਿੰਗ ਉਪਰੰਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਤਰਨਤਾਰਨ ਦੀਆਂ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਖੀ ਘੜੀ ਵਿਚ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਕ ਹਜ਼ਾਰ ਡਾਕਟਰਾਂ ਦੀ ਭਰਤੀ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਜਲਦੀ ਹੀ ਉਨ੍ਹਾਂ ਦੀ ਤਾਇਨਾਤੀ ਜ਼ਿਲ੍ਹਿਆਂ ਵਿਚ ਕੀਤੀ ਜਾਵੇਗੀ।



