ਸਾਰਿਆਂ ਨੂੰ ਬਰਾਬਰਤਾ ਦਾ ਦਰਜਾ ਦੇਣਾ ਸਾਡਾ ਅਸਲ ਧਰਮ : ਜਸਵੀਰ ਸਿੰਘ ਗੜ੍ਹੀ
ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦੇ ਪੂਰਨਿਆਂ 'ਤੇ ਚੱਲਣ ਦਾ ਦਿੱਤਾ ਹੋਕਾ

ਬਠਿੰਡਾ, 24 ਅਗਸਤ : ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕਰਕੇ ਸਾਰਿਆਂ ਨੂੰ ਬਰਾਬਰਤਾ ਦਾ ਦਰਜਾ ਦੇਣਾ ਹੀ ਸਾਡਾ ਅਸਲ ਧਰਮ ਹੈ।ਇਹਨਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਪੈਲਸ ਭੁੱਚੋ ਮੰਡੀ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਚੇਅਰਮੈਨ ਸ੍ਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਨੂੰ ਅੱਖੋਂ ਤੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਹਨਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਮਾਜ ਨੂੰ ਇੱਕ ਦੂਜੇ ਨਾਲ ਭਾਈਚਾਰਕ ਸਾਂਝ ਪਾ ਕੇ ਚੱਲਣ ਦੀ ਬੇਹੱਦ ਲੋੜ ਹੈ ਉਹਨਾਂ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜੇਕਰ ਅਸੀਂ ਉਹਨਾਂ ਵੱਲੋਂ ਦੱਸੇ ਹੋਏ ਰਾਹਾਂ ‘ਤੇ ਤੁਰਨ ਦੀ ਕੋਸ਼ਿਸ਼ ਕਰੀਏ। ਇਸ ਦੌਰਾਨ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਨੂਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈ, ਤੁਸੀਂ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਸਾਡੇ ਤੱਕ ਪਹੁੰਚ ਕਰ ਸਕਦੇ ਹੋ, ਅਸੀਂ ਤੁਹਾਡੀ ਮੁਸ਼ਕਿਲ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ.ਸੀ ਕਾਰਪੋਰੇਸ਼ਨ ਦੇ ਸਾਲ 2020 ਤੱਕ ਦੇ ਬਕਾਇਆ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਮੈਂ ਕਮਿਸ਼ਨ ਦੇ ਚੇਅਰਮੈਨ ਦੇ ਤੌਰ ‘ਤੇ ਅਨੂਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਨਾਲ ਸਬੰਧਤ ਹੋਰ ਵੀ ਕਈ ਸਾਰੇ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਹਨ, ਜਿਹਨਾਂ ਤੇ ਜਲਦੀ ਹੀ ਅਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸ. ਜਸਵੀਰ ਸਿੰਘ ਗੜ੍ਹੀ ਨੇ ਦਲਿੱਤ ਵਰਗ ਨਾਲ ਸਬੰਧ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਹਰ ਸੰਭਵ ਕੋਸ਼ਿਸ਼ ਰਹੇਗੀ ਕਿ ਉਹ ਦਲਿੱਤ ਵਰਗ ਨਾਲ ਸਬੰਧਤ ਮਜਲੂਮਾਂ ਨੂੰ ਨਿਆਂ ਦਿਵਾਉਣ। ਇਸ ਮੌਕੇ ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ, ਐੱਸ ਸੀ ਬੀ ਸੀ ਭਲਾਈ ਮੰਚ ਦੇ ਪ੍ਰਧਾਨ ਤਾਰਾ ਚੰਦ, ਪੰਜਾਬ ਸ਼ਡਿਊਲ ਕਾਸਟ ਲੈਂਡ ਤੇ ਫਾਇਨੈਂਸ ਕਾਰਪੋਰੇਸ਼ਨ ਦੇ ਵਾਇਸ ਪ੍ਰਧਾਨ ਸ. ਗੁਰਜੰਟ ਸਿੰਘ ਸਿਵੀਆਂ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਮਾਜਿਕ ਅਤੇ ਨਿਆ ਅਧਿਕਾਰਤਾ ਅਫਸਰ ਸ. ਬਰਿੰਦਰ ਸਿੰਘ, ਪ੍ਰਧਾਨ ਸ ਰੁਪਿੰਦਰ ਸਿੰਘ, ਸ ਹਰਬੰਸ ਸਿੰਘ ਬਠਿੰਡਾ, ਡਾ.ਭਾਵਨਾ ਸਾਹਨੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।



