Punjab

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ

ਪਿੰਡਾਂ ’ਚ ਪਹੁੰਚ ਕੇ ਪੀੜਤਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਰਾਹਤ ਸਮੱਗਰੀ ਵੰਡੀ

ਅੰਮ੍ਰਿਤਸਰ, 31 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਵੀ ਦਰਿਆ ਨਾਲ ਲੱਗਦੇ ਹਲਕਾ ਰਮਦਾਸ ਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੁੱਢਲੀਆਂ ਲੋੜਾਂ ਲਈ ਆਪ ਪਿੰਡਾਂ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ। ਇਨ੍ਹਾਂ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬਾਨ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਜਿੱਥੇ ਪਹਿਲਾਂ ਹੀ ਲਗਾਤਾਰ ਜਾਰੀ ਹਨ, ਉੱਥੇ ਹੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦਾ ਦੁੱਖ ਵੰਡਾਉਣ ਲਈ ਆਏ ਸਨ ਅਤੇ ਉਨ੍ਹਾਂ ਨੇ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਡੇਰਾ ਬਾਬਾ ਨਾਨਕ ਹਲਕੇ ਲਈ ਅੱਜ ਭੇਜੀ ਰਾਹਤ ਸਮੱਗਰੀ ਵਿਚ 150 ਕੁਇੰਟਲ ਆਟਾ, 30 ਕੁਇੰਟਲ ਦਾਲਾਂ, 5000 ਪੇਟੀ ਪਾਣੀ ਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ। ਇਸੇ ਤਰ੍ਹਾਂ ਰਮਦਾਸ ਏਰੀਏ ਵਿਚ ਵੀ ਦੋ ਟਰੱਕ ਰਾਹਤ ਸਮੱਗਰੀ ਲੋਕਾਂ ਤੱਕ ਪਹੁੰਚਾਈ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਹਾਲਾਤ ਤਰਸਯੋਗ ਬਣੇ ਹੋਏ ਹਨ। ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਮੁਸੀਬਤ ਸਮੇਂ ਲੋਕਾਂ ਦੇ ਨਾਲ ਖੜ੍ਹਨਾ ਆਪਣਾ ਫਰਜ਼ ਸਮਝਦੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਲਈ ਆਪ ਰਾਹਤ ਤਾਂ ਕੀ ਪਹੁੰਚਾਉਣੀ ਸੀ, ਸਗੋਂ ਰਾਹਤ ਕਾਰਜਾਂ ਵਿਚ ਲੱਗੇ ਲੋਕਾਂ ਨੂੰ ਵੀ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਆ, ਸਕੱਤਰ ਪ੍ਰਤਾਪ ਸਿੰਘ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਗੁਰਦੁਆਰਾ ਯਾਦਗਾਰ ਸ਼ਹੀਦਾਂ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਅਗਵਾਨ, ਸੁਪਰੀਟੈਂਡੈਂਟ ਨਿਸ਼ਾਨ ਸਿੰਘ ਆਦਿ ਮੌਜੂਦ ਰਹੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਹੱਦ ’ਤੇ ਡਿਊਟੀ ਨਿਭਾਅ ਰਹੇ ਬੀਐੱਸਐੱਫ ਦੇ ਜਵਾਨਾਂ ਜੋ ਹੜ੍ਹਾਂ ਕਾਰਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਹਿ ਰਹੇ ਹਨ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।

Related Articles

Leave a Reply

Your email address will not be published. Required fields are marked *

Back to top button