ਰਮਨ ਅਰੋੜਾ ਨੇ ਹਾਈ ਕੋਰਟ ’ਚ ਕੀਤੀ ਪਟੀਸ਼ਨ ਦਾਇਰ
ਕਿਹਾ- ਪਾਰਟੀ ਅੰਦਰ ਮਤਭੇਦਾਂ ਕਾਰਨ ਪ੍ਰੇਸ਼ਾਨ, ਅਸਤੀਫੇ ਲਈ ਪਾਇਆ ਜਾ ਰਿਹਾ ਦਬਾਅ

ਜਲੰਧਰ, 10 ਸਤੰਬਰ : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਆਪਣੇ ਖਿਲਾਫ਼ ਥਾਣਾ ਰਾਮਾ ਮੰਡੀ ’ਚ ਦਰਜ ਐੱਫਆਈਆਰ ਤੇ ਪੁਲਿਸ ਹਿਰਾਸਤ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਅਰੋੜਾ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਖਿਲਾਫ਼ ਕੀਤੀ ਗਈ ਕਾਰਵਾਈ ਬਦਨੀਤੀ ਭਰੀ ਤੇ ਨਾਜਾਇਜ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਅੰਦਰ ਮਤਭੇਦਾਂ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਣਾ ਰਾਮਾ ਮੰਡੀ ’ਚ ਦਰਜ ਐੱਫਆਈਆਰ ਨੰਬਰ 253 23 ਅਗਸਤ ਨੂੰ ਦਰਜ ਕੀਤੀ ਗਈ ਸੀ, ਜਿਸ ’ਚ ਉਨ੍ਹਾਂ ਨੂੰ 3 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਅਦਾਲਤ ਨੇ ਉਨ੍ਹਾਂ ਨੂੰ ਪੁਰਾਣੇ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਿਹਾਈ ਨੂੰ ਰੋਕਣ ਲਈ ਸਾਜ਼ਿਸ਼ ਰਚੀ ਗਈ ਹੈ। ਵਿਧਾਇਕ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਤੇ 22 ਦੀ ਉਲੰਘਣਾ ਦੱਸਿਆ। ਉਨ੍ਹਾਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰੀ ਸਮੇਂ ਨਾ ਤਾਂ ਉਨ੍ਹਾਂ ਨੂੰ ਕਾਰਨ ਦੱਸੇ ਗਏ ਤੇ ਨਾ ਹੀ ਇਹ ਦਿਖਾਇਆ ਗਿਆ ਕਿ ਗ੍ਰਿਫ਼ਤਾਰੀ ਕਿਉਂ ਜ਼ਰੂਰੀ ਸੀ? ਅਰੋੜਾ ਨੇ ਆਪਣੀ ਸਿਹਤ ਸਥਿਤੀ ਦਾ ਵੀ ਹਵਾਲਾ ਦਿੱਤਾ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਉਹ ਸੁਭਾਵਕ ਪ੍ਰੋਸਟੇਟਿਕ ਹਾਈਪਰਪਲਸੀਆ (ਬੀਪੀਐੱਚ) ਤੋਂ ਪੀੜਤ ਹਨ ਤੇ ਉਨ੍ਹਾਂ ਨੂੰ ਨਿਯਮਤ ਡਾਕਟਰੀ ਇਲਾਜ ਦੀ ਲੋੜ ਹੈ। ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।



