Punjab

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਲਏ ਗਏ ਫ਼ੈਸਲੇ ਲੋਕਾਂ ਲਈ ਰਾਹਤ ਸਾਬਤ ਹੋਣਗੇ – ਦਹੀਯਾ

ਬਾਲ ਕਿਸ਼ਨ

ਫਿਰੋਜ਼ਪੁਰ, 13 ਸਤੰਬਰ : ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਪੰਜਾਬ ਸਰਕਾਰ ਦੀ ਕੈਬਨਿਟ ਬੈਠਕ ਵਿੱਚ ਨਵੀਂ ਨੀਤੀ ਤਹਿਤ, “ਮੇਰਾ ਖੇਤ, ਮੇਰੀ ਰੇਤ” ਨੀਤੀ ਲਾਗੂ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਹੜ੍ਹ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਕਿਸੇ ਵੀ ਰਾਜ ਦੁਆਰਾ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼ਾ ਹੈ। ਇਸ ਤੋਂ ਇਲਾਵਾ, ਹੜ੍ਹਾਂ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਨਾਲ ਕਿਸਾਨਾਂ ਨੂੰ ਸੁਸਾਇਟੀਆਂ ਜਾਂ ਸਹਿਕਾਰੀ ਬੈਂਕਾਂ ਤੋਂ ਲਏ ਗਏ ਕਰਜ਼ਿਆਂ ਦੀ ਅਦਾਇਗੀ ਵਿੱਚ ਛੇ ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ। ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ 1988 ਤੋਂ ਬਾਅਦ ਪੰਜਾਬ ਅੱਜ ਬਹੁਤ ਵੱਡੇ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਲੋਕਾਂ ਦੇ ਖੇਤ ਅਤੇ ਘਰ ਪਾਣੀ ਦੀ ਲਪੇਟ ਵਿੱਚ ਹਨ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਪਰਿਵਾਰਾਂ ਦੇ ਘਰ ਤਬਾਹ ਹੋ ਗਏ ਹਨ ਜਾਂ ਪਾਣੀ ਵਿੱਚ ਵਹਿ ਗਏ ਹਨ, ਉਨ੍ਹਾਂ ਦਾ ਸਰਵੇਖਣ ਕੀਤਾ ਜਾਵੇਗਾ ਅਤੇ ਸਰਕਾਰ ਨੁਕਸਾਨ ਦਾ ਮੁਲਾਂਕਣ ਕਰਕੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਰਜ਼ੇ ਦੀਆਂ ਕਿਸ਼ਤਾਂ ਦਾ ਭੁਗਤਾਨ ਕਰਨ ਵਿੱਚ 6 ਮਹੀਨੇ ਦੀ ਛੋਟ ਦਿੱਤੀ ਗਈ ਹੈ। ਇਸ ਮਿਆਦ ਦੌਰਾਨ ਉਨ੍ਹਾਂ ਨੂੰ ਕਿਸ਼ਤਾਂ ਦਾ ਭੁਗਤਾਨ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ‘ਚ ਜਾਨਵਰਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ, ਸਰਕਾਰ ਇਸ ਦੀ ਭਰਪਾਈ ਕਰੇਗੀ ਅਤੇ ਜਾਨਵਰਾਂ ਲਈ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਹੜ੍ਹ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਹੜਾ ਵਾਲੇ ਖੇਤਰਾਂ ਵਿੱਚ ਫੋਗਿੰਗ ਮਸ਼ੀਨਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਵਿੱਦਿਅਕ ਸੰਸਥਾਵਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੀ ਮੁਰੰਮਤ ਜੰਗੀ ਪੱਧਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਲਏ ਗਏ ਇਹ ਫ਼ੈਸਲੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਾਬਤ ਹੋਣਗੇ। ਉਨ੍ਹਾਂ ਲੋਕ ਪੱਖੀ ਫ਼ੈਸਲਿਆਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button