
ਡੇਰਾਬੱਸੀ, 15 ਸਤੰਬਰ : ਡੇਰਾਬੱਸੀ-ਬਰਵਾਲਾ ਰੋਡ ‘ਤੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਨਗਰ ਕੌਂਸਲ ਦਫ਼ਤਰ ਨੇੜੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰਾਂਸਫਾਰਮਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਉਸ ਵਿਚ ਅੱਗ ਲੱਗ ਗਈ। ਹਾਦਸੇ ਤੋਂ ਤੁਰੰਤ ਬਾਅਦ ਬੱਸ ’ਚ ਸਵਾਰ ਲੋਕਾਂ ’ਚ ਹਫੜਾ-ਦਫੜੀ ਮਚ ਗਈ ਪਰ ਖ਼ੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਤੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਨੁਸਾਰ ਬੱਸ ਚਾਲਕ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ। ਬਿਜਲੀ ਵਿਭਾਗ ਨੇ ਇਸ ਸਬੰਧੀ ਬੱਸ ਚਾਲਕ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਮਾਮਲਾ ਸ਼ਿਕਾਇਤ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਕਾਰਨ ਇਲਾਕੇ ਦੀ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।



