
ਸ੍ਰੀ ਗੋਇੰਦਵਾਲ ਸਾਹਿਬ, 16 ਸਤੰਬਰ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਛਾਪੜੀ ਸਾਹਿਬ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਦੋਸ਼ ਲਗਾਇਆ ਕਿ ਨਸ਼ੇ ਦੀ ਸਪਲਾਈ ਘਰ ਘਰ ਤੱਕ ਹੋ ਰਹੀ ਹੈ ਅਤੇ ਨਸ਼ਾ ਵੇਚਣ ਵਾਲੇ ਚਿੱਟੇ ਦੇ ਨਾਲ ਨਾਲ ਸਰਿੰਜਾਂ ਤੱਕ ਵੀ ਘਰ ਪਹੁੰਚਾ ਰਹੇ ਹਨ। ਮ੍ਰਿਤਕ ਨੌਜਵਾਨ ਗੁਰਬੀਰ ਸਿੰਘ (27) ਦੇ ਪਿਤਾ ਰਵੇਲ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਵਿਆਹਿਆ ਸੀ ਅਤੇ ਉਸਦੇ ਦੋ ਬੱਚੇ ਵੀ ਹਨ। ਗੁਰਬੀਰ ਸਿੰਘ ਨੂੰ ਨਸ਼ੇ ਦੀ ਲਤ ਲੱਗ ਗਈ ਅਤੇ ਉਹ ਟੀਕੇ ਲਗਾਉਣ ਲੱਗਾ। ਨਸ਼ੇ ਲਈ ਲਗਾਇਆ ਗਿਆ ਟੀਕਾ ਹੀ ਉਸਦੀ ਮੌਤ ਦਾ ਕਾਰਨ ਬਣ ਗਿਆ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿਚ ਤਾਂ ਨਸ਼ਾ ਵਿਕਦਾ ਹੀ ਹੈ, ਉਨ੍ਹਾਂ ਦੇ ਮੁਹੱਲਾ ਵੀ ਨਸ਼ੇ ਦਾ ਗੜ੍ਹ ਬਣਿਆ ਹੋਇਆ ਹੈ ਅਤੇ ਪੁਲਿਸ ਨੇ ਕਦੇ ਗੇੜਾ ਤੱਕ ਨਹੀਂ ਮਾਰਿਆ। ਮ੍ਰਿਤਕ ਦੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਸਰੇਆਮ ਨਸ਼ਾ ਮਿਲਦਾ ਹੈ ਅਤੇ ਨੌਜਵਾਨ ਨਸ਼ੇ ਦੀ ਭੇਟ ਚੜ੍ਹਦੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰਬੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਅੱਜ ਉਹ ਵੀ ਨਸ਼ੇ ਦਾ ਟੀਕਾ ਲਗਾ ਕੇ ਮੌਤ ਦੇ ਮੂੰਹ ਵਿਚ ਚਲਾ ਗਿਆ।



