ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 20 ਸਤੰਬਰ : ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੂਬੇ ਭਰ ਵਿਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਗੋਇਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਬੰਨ੍ਹਾਂ ਤੇ ਹੋਰ ਵਿਭਾਗੀ ਸੰਪਤੀਆਂ ਨੂੰ ਹੋਏ ਨੁਕਸਾਨ ਸਬੰਧੀ ਚੱਲ ਰਹੇ ਮੁਲਾਂਕਣ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦਰਿਆਵਾਂ ਕੰਢੇ ਵਸਦੇ ਲੋਕਾਂ, ਖੇਤੀਬਾੜੀ ਜ਼ਮੀਨਾਂ ਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।



