
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 21 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ‘ਚ ਅਗਲੇ ਸਾਲ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਚਰਨਜੀਤ ਸਿੰਘ ਨੇ ਕਿਹਾ ਹੈ ਕਿ ਪਾਰਟੀ ਸਾਰੇ 35 ਵਾਰਡਾਂ ‘ਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਚਰਨਜੀਤ ਸਿੰਘ ਨੇ ਸੈਕਟਰ 27 ਦੇ ਪ੍ਰੈਸ ਕਲੱਬ ‘ਚ ਪ੍ਰੈਸ ਵਾਰਤਾ ਦੌਰਾਨ ਇਹ ਵੀ ਦੱਸਿਆ ਕਿ ਚੰਡੀਗੜ੍ਹ ‘ਚ ਮੇਅਰ ਦਾ ਕਾਰਜਕਾਲ ਪੰਜ ਸਾਲ ਦਾ ਹੋਣਾ ਚਾਹੀਦਾ ਹੈ। ਚਰਨਜੀਤ ਸਿੰਘ ਨੇ ਸ਼ਹਿਰ ਦੇ ਮੁੱਦਿਆਂ ‘ਤੇ ਵੀ ਆਪਣੀ ਰਾਏ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਮੇਂ ਸ਼ਹਿਰ ਦਾ ਹਰ ਵਰਗ ਪਰੇਸ਼ਾਨ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਜਲਦੀ ਹੀ ਸੜਕਾਂ ‘ਤੇ ਉਤਰ ਕੇ ਧਰਨੇ-ਪ੍ਰਦਰਸ਼ਨ ਕਰੇਗਾ। ਇਸ ਸਮੇਂ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਬਹੁਤ ਖਰਾਬ ਹੈ ਤੇ ਅਜਿਹਾ ਸਿਸਟਮ ਬਣਨਾ ਚਾਹੀਦਾ ਹੈ ਕਿ ਜੇਕਰ ਕੋਈ ਸੜਕ ਪੰਜ ਸਾਲਾਂ ਤੋਂ ਪਹਿਲਾਂ ਟੁੱਟਦੀ ਹੈ ਤਾਂ ਸੰਬੰਧਤ ਅਧਿਕਾਰੀਆਂ ਨੂੰ ਜਵਾਬ ਦੇਣਾ ਪਵੇਗਾ ਪਰ ਇਸ ਸਮੇਂ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਕਾਂਗਰਸ ਅਤੇ ਭਾਜਪਾ ਦੋਹਾਂ ਨੂੰ ਮੌਕਾ ਦੇ ਕੇ ਦੇਖ ਲਿਆ ਹੈ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਇਸ ਸੰਦਰਭ ‘ਚ ਇਸ ਸਮੇਂ ਅਕਾਲੀ ਦਲ ਹੀ ਲੋਕਾਂ ਲਈ ਵੱਡਾ ਬਦਲ ਹੈ। ਚਰਨਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੂਰੇ ਦੇਸ਼ ‘ਚ ਇਕ ਦੂਜੇ ਦੇ ਖ਼ਿਲਾਫ਼ ਮੋਰਚਾ ਖੋਲ੍ਹੀ ਬੈਠੀਆਂ ਹਨ, ਪਰ ਚੰਡੀਗੜ੍ਹ ਵਿਚ ਅਜਿਹਾ ਨਹੀਂ ਹੈ। ਚੰਡੀਗੜ੍ਹ ਦੇ ਲੋਕਾਂ ਨਾਲ ਇਹ ਗਠਜੋੜ ਧੋਖਾ ਕਰ ਰਿਹਾ ਹੈ।



