ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਐੱਨਆਰਆਈਜ਼ ਦੇ ਸਹਿਯੋਗ ਲਈ ਖੋਲ੍ਹਿਆ ਰੰਗਲਾ ਪੰਜਾਬ ਨਾਂ ’ਤੇ ਖਾਤਾ
CM Mann ਨੇ ਪਰਵਾਸੀ ਭਾਰਤੀਆਂ ਨਾਲ ਕੀਤੀ ਆਨਲਾਈਨ ਮੀਟਿੰਗ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 13 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਪਰਵਾਸੀ ਭਾਰਤੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਪਰਵਾਸੀ ਭਾਰਤੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਨਹੀਂ ਪਾ ਸਕਦੇ ਸੀ, ਇਸ ਲਈ ਰੰਗਲਾ ਪੰਜਾਬ ਨਾਮਕ ਨਵਾਂ ਖਾਤਾ ਖੋਲ੍ਹਿਆ ਗਿਆ ਹੈ। ਮੀਟਿੰਗ ਦੌਰਾਨ ਪਰਵਾਸੀ ਭਾਰਤੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀ ਕਲਾ ਨੂੰ ਆਪਣਾ ਪੂਰਾ ਸਮੱਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਰਵਾਸੀ ਭਾਰਤੀ ਟਾਊਨਹਾਲ ਆਨਲਾਈਨ ਗੱਲਬਾਤ ਸੈਸ਼ਨ ਹੈ ਜੋ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਰਹਿੰਦੇ ਪਰਵਾਸੀ ਭਾਰਤੀਆਂ ਨੂੰ ਮਿਸ਼ਨ ਚੜ੍ਹਦੀ ਕਲਾ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਦਾ ਉਦੇਸ਼ ਪੰਜਾਬ ਦੇ ਰਾਹਤ ਅਤੇ ਪੁਨਰਵਾਸ ਯਤਨਾਂ ਲਈ ਵਿਸ਼ਵ ਵਿਆਪੀ ਸਮੱਰਥਨ ਪ੍ਰਾਪਤ ਕਰਨਾ ਹੈ। ਪਰਵਾਸੀ ਭਾਰਤੀ ਸੂਬੇ ਦੇ ਪੁਨਰ ਨਿਰਮਾਣ ਯਤਨਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ। ਭਗਵੰਤ ਮਾਨ ਨੇ ਪਰਵਾਸੀ ਭਾਰਤੀਆਂ ਨੂੰ ਚੱਲ ਰਹੇ ਰਿਕਵਰੀ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸੀਐੱਸਆਰ ਰਾਹੀਂ ਰੰਗਲਾ ਪੰਜਾਬ ਫੰਡ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਪਰਵਾਸੀ ਭਾਰਤੀਆਂ ਨੂੰ ਦੱਸਿਆ ਕਿ ਸੂਬੇ ਨੇ ਹਾਲ ਹੀ ਵਿੱਚ ਅਜਿਹੇ ਵਿਨਾਸ਼ਕਾਰੀ ਹੜ੍ਹਾਂ ਦਾ ਸਾਹਮਣਾ ਕੀਤਾ ਹੈ ਜੋ ਪੀੜ੍ਹੀਆਂ ਤੱਕ ਲੋਕਾਂ ਦੇ ਮਨਾਂ ਵਿੱਚ ਉੱਕਰੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਨਾ ਸਿਰਫ਼ ਪਾਣੀ ਲਿਆਂਦਾ ਸਗੋਂ ਲੱਖਾਂ ਸੁਪਨਿਆਂ ਨੂੰ ਵੀ ਰੋੜ੍ਹ ਦਿੱਤਾ, ਜਿਸ ਨਾਲ ਇਹ ਪੰਜਾਬ ਦੇ ਹਾਲੀਆ ਇਤਿਹਾਸ ਵਿੱਚ ਸਭ ਤੋਂ ਵੱਡੀ ਤ੍ਰਾਸਦੀ ਬਣ ਗਈ ਹੈ। ਮਾਨ ਨੇ ਕਿਹਾ ਕਿ ਮੁੱਢਲੇ ਅਨੁਮਾਨਾਂ ਅਨੁਸਾਰ ਕੁੱਲ ਨੁਕਸਾਨ ਲਗਪਗ ₹13,800 ਕਰੋੜ ਦਾ ਹੈ, ਹਾਲਾਂਕਿ ਅਸਲ ਅੰਕੜਾ ਹੋਰ ਵੀ ਵੱਧ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਹ ਰਾਹਤ ਹਰੇਕ ਵਿਅਕਤੀ ਤੱਕ ਪਹੁੰਚੇ ਕਿਉਂਕਿ ਪਰਵਾਸੀ ਭਾਰਤੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਨਹੀਂ ਪਾ ਸਕਦੇ, ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਲਈ ਰੰਗਲਾ ਪੰਜਾਬ ਨਾਮਕ ਨਵਾਂ ਖਾਤਾ ਖੋਲ੍ਹਿਆ ਹੈ। ਬ੍ਰਿਸਬੇਨ, ਮੈਲਬੌਰਨ, ਐਡੀਲੇਡ, ਸਿਡਨੀ, ਪਰਥ ਅਤੇ ਆਕਲੈਂਡ ਤੋਂ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪਰਵਾਸੀ ਭਾਰਤੀਆਂ ਨੇ ਸੂਬਾ ਸਰਕਾਰ ਨੂੰ ਇਸ ਨੇਕ ਕਾਰਜ ਵਿੱਚ ਆਪਣੇ ਪੂਰੇ ਸਮੱਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੰਜੀਵ ਅਰੋੜਾ, ਮੁੱਖ ਸਕੱਤਰ ਕੇਏਪੀ ਸਿਨਹਾ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਅਤੇ ਹੋਰ ਮੌਜੂਦ ਸਨ।



