‘ਪ੍ਰਸ਼ਾਸਨ ਗਾਓਂ ਕੀ ਓਰ’ ਮੁਹਿੰਮ ਤਹਿਤ ਏ.ਡੀ.ਸੀ. ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ
ਸੁਸ਼ਾਸਨ ਸਪਤਾਹ ਦੌਰਾਨ ਬਲਾਕ ਪੱਧਰ 'ਤੇ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਕੀਤੇ ਜਾ ਰਹੇ ਹਨ ਹੱਲ : ਏ.ਡੀ.ਸੀ.

ਬਾਲ ਕਿਸ਼ਨ
ਫ਼ਿਰੋਜ਼ਪੁਰ, 23 ਦਸੰਬਰ 2025 : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 25 ਦਸੰਬਰ ਤੱਕ ‘ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਸ਼੍ਰੀਮਤੀ ਲਿੰਦਿਆ ਆਈ.ਏ.ਐਸ. (ਯੂ.ਟੀ.), ਐਸ.ਡੀ.ਐਮ. ਜ਼ੀਰਾ ਅਰਵਿੰਦਰ ਪਾਲ ਸਿੰਘ, ਐਸ.ਡੀ.ਐਮ. ਗੁਰੂਹਰਸਹਾਏ ਹਰਬੰਸ ਸਿੰਘ, ਰਾਜਬੀਰ ਸਿੰਘ ਪੀ.ਸੀ.ਐਸ. (ਅੰਡਰ ਟ੍ਰੇਨਿੰਗ), ਡੀ.ਡੀ.ਐਫ. ਭੂਮਿਕਾ ਵੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 25 ਦਸੰਬਰ ਤੱਕ ‘ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਦੌਰਾਨ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੁਸ਼ਾਸਨ ਸਪਤਾਹ ਤਰ੍ਹਾਂ ਹੀ ਭਵਿੱਖ ਵਿੱਚ ਵੀ ਆਪਸੀ ਤਾਲਮੇਲ ਨਾਲ ਵੱਧ ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ ਅਤੇ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ, ਰੁਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਸਿੱਖਿਆ ਵਿਭਾਗ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਉਪਲੱਬਧੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸਰਕਾਰ ਵੱਲੋਂ ਅਤੇ ਸੀ.ਐਸ.ਆਰ. ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦੇ ਸਿੱਟੇ ਵੱਜੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਨਾਮਨਾ ਖੱਟ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਮਿੰਦਰ ਕੌਰ ਨੇ ਵੀ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪ, ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ, ਜੱਚਾ-ਬੱਚਾ ਸਿਹਤ, ਆਮ ਆਦਮੀ ਕਲੀਨਿਕ, ਟੀਕਾਕਰਨ ਅਤੇ ਡੇਂਗੂ, ਮਲੇਰੀਆ, ਟੀ.ਬੀ. ਅਤੇ ਪੀਲੀਆ, ਸਮੇਤ ਹੋਰ ਬੀਮਾਰੀਆਂ ’ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ/ ਸਰਕਾਰੀ ਸਕੀਮਾਂ ਅਤੇ ਪ੍ਰਾਪਤ ਟੀਚਿਆਂ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਗੁਰਪ੍ਰੀਤ ਸਿੰਘ ਮਾਸਟਰ ਟ੍ਰੇਨਰ ਸੇਵਾ ਕੇਂਦਰ ਸਮੇਤ ਹੋਰਨਾਂ ਵਿਭਾਗਾਂ ਵੱਲੋਂ ਵੀਡੀਓ ਪ੍ਰਸਤੁਤੀ ਰਾਹੀਂ ਸੁਸ਼ਾਸਨ ਸਪਤਾਹ ਅਤੇ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੇਵਾਵਾਂ ਅਤੇ ਸਰਕਾਰ ਦੇ ਨਵੇਂ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਕੋਮਲ ਅਰੋੜਾ, ਸਮੂਹ ਬੀ.ਡੀ.ਪੀ.ਓਜ. ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।



