
ਜਲੰਧਰ, 24 ਦਸੰਬਰ : ਸ਼ਾਹਕੋਟ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਾਹਕੋਟ ਖੇਤਰ ਦੇ ਪਿੰਡ ਭੋਏਪੁਰ ਦਾ ਰਹਿਣ ਵਾਲਾ ਇੱਕ ਭਾਰਤੀ ਨੌਜਵਾਨ, ਜੋ ਕਿ ਇੱਕ ਮਹੀਨਾ ਪਹਿਲਾਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ, ਹੁਣ ਪਾਕਿਸਤਾਨ ਦੀ ਹਿਰਾਸਤ ਵਿੱਚ ਹੈ। ਇਸ ਸਬੰਧੀ ਪਹਿਲਾਂ ਥਾਣੇ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਲਾਪਤਾ ਨੌਜਵਾਨ ਦੀ ਪਛਾਣ ਸ਼ਰਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਨੌਜਵਾਨ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਸ਼ਰਨਦੀਪ ਉਨ੍ਹਾਂ ਦਾ ਇਕਲੌਤਾ ਪੁੱਤਰ ਹੈ। ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਹ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਪਾਕਿਸਤਾਨ ਵਿੱਚ ਦਾਖ਼ਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਕਸੂਰ ਸੈਕਟਰ ਵਿੱਚ ਪਾਕਿਸਤਾਨੀ ਰੇਂਜਰਾਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਨੌਜਵਾਨ ਕਿਹੜੇ ਹਾਲਾਤਾਂ ਵਿੱਚ ਸਰਹੱਦ ਪਾਰ ਕਰ ਗਿਆ।
ਅਪਰਾਧਕ ਪਿਛੋਕੜ ਤੇ ਪੁਲਿਸ ਦੀ ਜਾਂਚ
ਦੂਜੇ ਪਾਸੇ, ਇਸ ਮਾਮਲੇ ਦੀ ਜਾਣਕਾਰੀ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਦੇ ਦਿੱਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਜਾਣਕਾਰੀ ਅਨੁਸਾਰ ਸ਼ਰਨਦੀਪ ‘ਤੇ ਪਹਿਲਾਂ ਵੀ ਐੱਫ.ਆਈ.ਆਰ. (FIR) ਦਰਜ ਹੈ ਅਤੇ ਉਹ ਕੁਝ ਮਹੀਨੇ ਪਹਿਲਾਂ ਕਪੂਰਥਲਾ ਜੇਲ੍ਹ ਵਿੱਚ ਵੀ ਰਹਿ ਚੁੱਕਾ ਹੈ। ਜਦੋਂ ਇਸ ਸਬੰਧੀ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਏਜੰਸੀਆਂ ਵੱਲੋਂ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਸੂਚਨਾ ਮਿਲੀ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਪਰਿਵਾਰ ਨਾਲ ਵੀ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ।



