Punjab

ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿੱਚ ’ਨਸ਼ਿਆਂ ਵਿਰੁੱਧ ਪੈਦਲ ਯਾਤਰਾ’ 10 ਫ਼ਰਵਰੀ ਨੂੰ

’ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਜਸਵਿੰਦਰ ਸਿੰਘ ਸੰਧੂ,ਬਾਲ ਕਿਸ਼ਨ

ਫਿਰੋਜ਼ਪੁਰ, 5 ਫਰਵਰੀ 2026: ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਫਿਰੋਜ਼ਪੁਰ ਵਿੱਚ 10 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਸ ਪੈਦਲ ਯਾਤਰਾ ਦੀ ਅਗਵਾਈ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਖੁਦ ਨਿੱਜੀ ਤੌਰ ’ਤੇ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜਪਾਲ ਦੇ ਫਿਰੋਜ਼ਪੁਰ ਜ਼ਿਲ੍ਹੇ ਦੌਰੇ ਸਬੰਧੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ 2026 ਨੂੰ ਸਵੇਰੇ 11:30 ਵਜੇ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰੀ ਤੱਕ ਜਾਵੇਗੀ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖਾਤਮੇ ਲਈ ਇੱਕਜੁਟ ਹੋਣ ਦਾ ਸੱਦਾ ਦੇਣਗੇ। ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਨਿਯੰਤਰਣ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ, ਰਿਫਰੈਸ਼ਮੈਂਟ, ਪੀਣ ਵਾਲਾ ਪਾਣੀ ਅਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿ) ਅਰਵਿੰਦ ਕੁਮਾਰ, ਐਸ.ਪੀ. ਮਨਜੀਤ ਸਿੰਘ, ਐਸ.ਡੀ.ਐਮ. ਫ਼ਿਰੋਜ਼ਪੁਰ ਮੈਡਮ ਲਿੰਦਿਆ, ਆਰ.ਟੀ.ਏ. ਅਮਨਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button