
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ : ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ ‘ਤੇ ਸ਼ੁੱਕਰਵਾਰ ਦੇਰ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਰਾਧਾ ਸੁਆਮੀ ਡੇਰੇ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਵਰਨਾ ਕਾਰ ਅਤੇ ਈ-ਰਿਕਸ਼ਾ ਦੀ ਆਪਸੀ ਟੱਕਰ ਵਿੱਚ ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ ਹੋ ਗਈ।
ਹਾਦਸਾ ਇੰਨਾ ਭਿਆਨਕ ਕਿ ਉੱਡ ਗਏ ਪਰਖੱਚੇ
ਪ੍ਰਤੱਖਦਰਸ਼ੀਆਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਈ-ਰਿਕਸ਼ਾ ਦੇ ਪਰਖੱਚੇ ਉੱਡ ਗਏ ਅਤੇ ਵਰਨਾ ਕਾਰ (ਨੰਬਰ HR 13K 2131) ਦੇ ਅਗਲੇ ਹਿੱਸੇ ਨੂੰ ਭਾਰੀ ਨੁਕਸਾਨ ਪਹੁੰਚਿਆ। ਹਾਦਸੇ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਟੱਕਰ ਹੁੰਦੇ ਸਾਰ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ ਸਨ।
ਦੋਵਾਂ ਵਾਹਨ ਚਾਲਕਾਂ ਨੇ ਤੋੜਿਆ ਦਮ
ਈ-ਰਿਕਸ਼ਾ ਚਾਲਕ: ਗੁਰਮੇਲ ਸਿੰਘ (ਪੁੱਤਰ ਮੁਖਤਿਆਰ ਸਿੰਘ, ਵਾਸੀ ਚੱਕ ਬੀੜ ਸਰਕਾਰ) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਚਾਲਕ: ਬਿਕਰਮਜੀਤ ਸਿੰਘ (ਪੁੱਤਰ ਜਸਵੀਰ ਸਿੰਘ, ਵਾਸੀ ਪਿੰਡ ਧਿਗਾਣਾ) ਗੰਭੀਰ ਜ਼ਖ਼ਮੀ ਹੋ ਗਿਆ ਸੀ। ਰਾਹਗੀਰਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਬਿਕਰਮਜੀਤ ਨੇ ਵੀ ਦਮ ਤੋੜ ਦਿੱਤਾ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਗੁਰਮੇਲ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



