Punjab

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਡੀ.ਸੀ. ਦੀਪਸ਼ਿਖਾ ਸ਼ਰਮਾ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ, ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼

ਫ਼ਿਰੋਜ਼ਪੁਰ, 16 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸੇ ਸੰਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਮਾਗਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਰਕ ’ਤੇ ਪਹੁੰਚਦੇ ਹਨ। ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਅਗਾਊਂ ਤਿਆਰੀਆਂ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਸਮਾਗਮ ਸਥਾਨ ’ਤੇ ਸੁਰੱਖਿਆ ਪ੍ਰਬੰਧ, ਮੈਡੀਕਲ ਟੀਮਾਂ ਦੀ ਤਾਇਨਾਤੀ, ਐਂਬੂਲੈਂਸ ਸੇਵਾ, ਟਰੈਫਿਕ ਵਿਵਸਥਾ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸੁਵਿਧਾ, ਪਖਾਨਿਆਂ ਦੀ ਵਿਵਸਥਾ ਅਤੇ ਸਾਫ਼-ਸਫ਼ਾਈ ਸਮੇਤ ਸਾਰੇ ਪ੍ਰਬੰਧ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।
ਉਨ੍ਹਾਂ ਇਹ ਵੀ ਕਿਹਾ ਕਿ ਸਮਾਰਕ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣ ਵਾਲੇ ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਬੱਸਾਂ ਅਤੇ ਰੇਲ ਗੱਡੀਆਂ ਦੀ ਵਿਵਸਥਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਲਿੰਦਿਆ ਆਈ.ਏ.ਐਸ (ਅੰਡਰ ਟ੍ਰੇਨਿੰਗ), ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਆਰ.ਟੀ.ਏ. ਤੁਸ਼ਿਤਾ ਗੁਲਾਟੀ, ਸਿਵਲ ਸਰਜਨ ਰਾਜੀਵ ਪਰਾਸ਼ਰ, ਐਸ.ਪੀ.(ਐਚ) ਧਰਮਵੀਰ ਸਿੰਘ, ਡੀ.ਡੀ.ਪੀ.ਓ. ਨਰਭਿੰਦਰ ਸਿੰਘ, ਡੀ.ਐਮ.ਓ. ਜਸ਼ਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button