ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਫੀਲਡ ਪੱਧਰ 'ਤੇ ਕੀਤੀ ਜਾਵੇ ਵਿਸ਼ੇਸ਼ ਨਿਗਰਾਨੀ : ਕ੍ਰਿਸ਼ਨਾ ਪਾਲ ਰਾਜਪੂਤ

ਫ਼ਿਰੋਜ਼ਪੁਰ, 29 ਸਤੰਬਰ 2026 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਹੇਠ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਲੱਸਟਰ ਅਫਸਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੀ ਹਿਮਾਂਸ਼ੂ ਆਈ ਏ ਐਸ (ਅੰਡਰ ਟ੍ਰੇਨਿੰਗ) ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਫੀਲਡ ਪੱਧਰ ਦੀ ਨਿਗਰਾਨੀ, ਪਰਾਲੀ ਦੇ ਪ੍ਰਬੰਧਨ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਰਣਨੀਤੀ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਿਯਮਿਤ ਫੀਲਡ ਵਿਜ਼ਿਟ ਕਰਨ ਅਤੇ ਖਾਸ ਤੌਰ ’ਤੇ ਸੰਵੇਦਨਸ਼ੀਲ ਅਤੇ ਹਾਟਸਪਾਟ ਪਿੰਡਾਂ ਉੱਤੇ ਵਿਸ਼ੇਸ਼ ਨਿਗਰਾਨੀ ਰੱਖਣ। ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਸਿਹਤ ਉੱਤੇ ਪੈਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇਨ-ਸੀਟੂ ਅਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਤਕਨੀਕਾਂ ਅਤੇ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਲਈ ਪ੍ਰੇਰਿਤ ਕਰਨ ਉੱਤੇ ਜ਼ੋਰ ਦਿੱਤਾ ਗਿਆ।
ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਫੀਲਡ ਪੱਧਰ ’ਤੇ ਲੋੜੀਂਦੀ ਤਕਨੀਕੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਕਿਹਾ ਗਿਆ। ਅਧਿਕਾਰੀਆਂ ਨੂੰ ਕਿਸਾਨਾਂ, ਮਸ਼ੀਨਰੀ ਮਾਲਕਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਵੀ ਹਦਾਇਤ ਕੀਤੀ ਗਈ, ਤਾਂ ਜੋ ਪਰਾਲੀ ਦਾ ਪ੍ਰਬੰਧਨ ਬਿਨਾਂ ਸਾੜੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਂ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਕੰਟੋਰਲ ਰੂਮ ਨੰਬਰ 01632-252040 ‘ਤੇ ਸੰਪਰਕ ਕੀਤਾ ਜਾ ਸਕਦਾ ਹੈ|
ਇਸ ਮੌਕੇ ਸ਼੍ਰੀ ਹਿਮਾਂਸ਼ੂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ, ਲਗਾਤਾਰ ਫੀਲਡ ਨਿਗਰਾਨੀ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਗਈ ਪਰਾਲੀ ਪ੍ਰਬੰਧਨ ਕਾਰਜ ਯੋਜਨਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।



