
ਤਰਨਤਾਰਨ, 11 ਜਨਵਰੀ- ਤਰਨਤਾਰਨ ਅੰਮ੍ਰਿਤਸਰ ਰੋਡ ’ਤੇ ਪਿੰਡ ਦਬੁਰਜੀ ਤੋਂ ਅੱਗੇ ਤਰਨਤਾਰਨ ਤੋਂ ਅੰਮ੍ਰਿਤਸਰ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਧੁੰਦ ਕਾਰਨ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਬੱਸ ’ਚ ਸਵਾਰ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਐਸ.ਐਮ.ਓ. ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਖ਼ਬਰ ਮਿਲਣ ’ਤੇ ਹੀ ਡਾਕਟਰਾਂ ਨੂੰ ਅਲਰਟ ਕਰ ਦਿੱਤਾ ਗਿਆ ਸੀ ਤੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।



