Punjab

ਫ਼ਿਰੋਜ਼ਪੁਰ ਪੁਲਿਸ ਨੂੰ ਕੁੰਭਕਰਨੀ ਨੀਂਦੋਂ ਜਗਾਉਣ ਲਈ ਪੱਤਰਕਾਰ ਭਾਈਚਾਰਾ ਦੂਸਰੀ ਵਾਰ ਉਤਰਿਆ ਸੜਕਾਂ ’ਤੇ

ਫ਼ਿਰੋਜ਼ਪੁਰ ਛਾਉਣੀ ਦੇ ਬਾਜ਼ਾਰਾਂ ਵਿਚ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 15 ਜਨਵਰੀ (ਜਸਵਿੰਦਰ ਸਿੰਘ ਸੰਧੂ)–ਫ਼ਿਰੋਜ਼ਪੁਰ ਪੁਲਿਸ ਦੀ ਨਸ਼ਾ ਤਸਕਰਾਂ, ਲੁਟੇਰਿਆਂ ਤੇ ਚੋਰਾਂ ਨਾਲ ਗੰਢਤੁੱਪ ਦੇ ਚੱਲਦਿਆਂ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਅਮਲ ਵਿਚ ਲਿਆਉਣ ਦੀ ਬਜਾਏ ਉਲਟਾ ਪੀੜਤ ਲੋਕਾਂ ਨੂੰ ਦਬਾਉਣ ਅਤੇ ਪੀੜਤ ਲੋਕਾਂ ਦੀ ਆਵਾਜ਼ ਬਣਦੇ ਪੱਤਰਕਾਰ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੇ ਵਿਰੋਧ ਵਿਚ ਅੱਜ ਸਮੁੱਚਾ ਪੱਤਰਕਾਰ ਭਾਈਚਾਰਾ ਦੂਸਰੀ ਵਾਰ ਸੜਕਾਂ ’ਤੇ ਉੱਤਰਿਆ ਅਤੇ ਫ਼ਿਰੋਜ਼ਪੁਰ ਪੁਲਿਸ ਦੀਆਂ ਵਧੀਕੀਆਂ ਖ਼ਿਲਾਫ਼ ਫ਼ਿਰੋਜ਼ਪੁਰ ਛਾਉਣੀ ਦੇ ਬਾਜ਼ਾਰਾਂ ਵਿਚ ਜ਼ਬਰਦਸਤ ਰੋਸ ਮੁਜ਼ਾਹਰਾ ਕਰਦਿਆਂ ਲਾਈਟਾਂ ਵਾਲੇ ਚੌਕ ਵਿਚ ਧਰਨਾ ਦੇ ਕੇ ਸੜਕੀ ਆਵਾਜਾਈ ਠੱਪ ਕਰ ਦਿੱਤੀ। ਸਤਲੁੱਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਦੇ ਸੱਦੇ ’ਤੇ ਫ਼ਿਰੋਜ਼ਪੁਰ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਦੂਸਰੀ ਪੋਲ ਖੋਲ੍ਹ ਰੈਲੀ ਵਿਚ ਜ਼ਿਲ੍ਹੇ ਭਰ ਦੀਆਂ ਪ੍ਰੈੱਸ ਕਲੱਬਾਂ ਤੋਂ ਪੱਤਰਕਾਰ ਭਾਈਚਾਰੇ, ਪੁਲਿਸ ਦੀਆਂ ਵਧੀਕੀਆਂ ਤੋਂ ਪੀੜਤਾਂ, ਵੱਖ–ਵੱਖ ਮੁਲਾਜ਼ਮ ਜਥੇਬੰਦੀਆਂ, ਸਮਾਜਿਕ ਤੇ ਧਾਰਮਿਕ ਜੱਥੇਬੰਦੀਆਂ, ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਰੋਸ ਪ੍ਰਦਰਸ਼ਨ ਦੌਰਾਨ ਨਿੱਤ–ਦਿਹਾੜੇ ਲੁੱਟਾਂ–ਖੋਹਾਂ ਦਾ ਸ਼ਿਕਾਰ ਹੋ ਰਹੇ ਅਤੇ ਪੁਲਿਸੀਆਂ ਕਾਰਗੁਜ਼ਾਰੀ ਤੋਂ ਮਾਯੂਸ ਫ਼ਿਰੋਜ਼ਪੁਰ ਛਾਉਣੀ ਦੇ ਦੁਕਾਨਦਾਰਾਂ ਵਲੋਂ ਪ੍ਰਦਰਸ਼ਨਕਾਰੀ ਪੱਤਰਕਾਰ ਭਾਈਚਾਰੇ ਦੀ ਹਮਾਇਤ ਵਿਚ ਉੱਤਰਦਿਆਂ ਫੁੱਲਾਂ ਦੀ ਵਰਖਾ ਕਰ ਸਵਾਗਤ ਕੀਤਾ। ਸਤਲੁੱਜ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਤੇ ਚੇਅਰਮੈਨ ਵਿਜੇ ਸ਼ਰਮਾ ਦੀ ਅਗਵਾਈ ਵਿਚ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਲਾਈਟਾਂ ਵਾਲੇ ਚੌਕ ਵਿਚ ਕੀਤੀ ਪੋਲ ਖੋਲ੍ਹ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ–ਵੱਖ ਬੁਲਾਰਿਆਂ ਨੇ ਪੁਲਿਸ ਪ੍ਰਸ਼ਾਸਨ ਵਲੋਂ ਫ਼ਿਰੋਜ਼ਪੁਰ ਵਿਚ ਵਧੀਆਂ ਲੁੱਟਾਂ–ਖੋਹਾਂ, ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਇਨਸਾਫ਼ ਲੈਣ ਲਈ ਪੁਲਿਸ ਦਰਬਾਰ ਪਹੁੰਚਦੇ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਇਨਕਾਰੀ ਅਧਿਕਾਰੀਆਂ, ਕਰਮਚਾਰੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪੱਤਰਕਾਰ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਆਪਣੀ ਕਾਰਜਸ਼ੈਲੀ ਵਿਚ ਸੁਧਾਰ ਲਿਆਉਣਾ ਅਤੇ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ ਨਾ ਕਿ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾਵੇ, ਜਿਹੜਾ ਕਿ ਪੁਲਿਸ ਵਲੋਂ ਪਿਛਲੇ ਕੁਝ ਸਮੇਂ ਤੋਂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੱਤਰਕਾਰ ਭਾਈਚਾਰੇ ਨੂੰ ਫੀਲਡ ਵਿਚ ਦਰਪੇਸ਼ ਸਮੱਸਿਆਵਾਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਅਤੇ ਪੁਲਿਸ ਵਧੀਕੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਅੱਕੇ ਜ਼ਿਲ੍ਹੇ ਭਰ ਦੇ ਪੱਤਰਕਾਰਾਂ ਵਲੋਂ ਵੱਖ–ਵੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਇਸ ਤੋਂ ਪਹਿਲਾਂ ਵੀ ਬੀਤੀ 12 ਦਸੰਬਰ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਬਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਪਰ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ, ਜਿਸ ਤੋਂ ਬਾਅਦ ਇਕ ਵਾਰ ਫਿਰ ਪੱਤਰਕਾਰ ਭਾਈਚਾਰੇ ਨੂੰ ਸੜਕਾਂ ’ਤੇ ਉੱਤਰਣਾ ਪਿਆ ਹੈ। ਬੁਲਾਰਿਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਤੋਂ ਬਾਅਦ ਵੀ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਅਤੇ ਜ਼ਿਲ੍ਹੇ ਦੇ ਵੱਖ–ਵੱਖ ਕਸਬਿਆਂ ਵਿਚ ਰੋਸ ਪ੍ਰਦਰਸ਼ਨ ਕਰਨ ਤੋਂ ਇਲਾਵਾ ਐੱਸ.ਐੱਸ.ਪੀ ਫ਼ਿਰੋਜ਼ਪੁਰ ਦਫ਼ਤਰ ਦਾ ਘੇਰਾਓ ਕਰਨ ਦੇ ਨਾਲ–ਨਾਲ ਸੜਕੀ ਆਵਾਜਾਈ ਠੱਪ ਕੀਤੀ ਜਾਵੇਗੀ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿਚ ਫ਼ਿਰੋਜ਼ਪੁਰ ਦੀਆਂ ਪ੍ਰੈੱਸ ਕਲੱਬਾਂ ਤੋਂ ਇਲਾਵਾ ਮਮਦੋਟ, ਗੁਰਹਰਸਹਾਏ, ਜ਼ੀਰਾ, ਤਲਵੰਡੀ ਭਾਈ, ਮਖੂ, ਮੱਲਾਂਵਾਲਾ, ਮੁੱਦਕੀ ਆਦਿ ਕਸਬਿਆਂ ਦੀਆਂ ਪ੍ਰੈੱਸ ਕਲੱਬਾਂ, ਐਨ.ਆਰ.ਐਮ.ਯੂ, ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ, ਮਲਟੀਪਰਪਲਜ਼ ਹੈਲਥ ਮੇਲ-ਫੀਮੇਲ ਵਰਕਰ ਯੂਨੀਅਨ, ਟੀ.ਐੱਸ.ਯੂ, ਨੀਮਾ ਯੂਨੀਅਨ, ਵਪਾਰ ਮੰਡਲ ਫ਼ਿਰੋਜ਼ਪੁਰ ਛਾਉਣੀ, ਬ੍ਰਹਾਮਣ ਸਭਾ ਫ਼ਿਰੋਜ਼ਪੁਰ ਛਾਉਣੀ, ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ, ਸਬਜ਼ੀ ਮੰਡੀ ਫ਼ਿਰੋਜ਼ਪੁਰ ਛਾਉਣੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜੀ.ਐੱਸ.ਟੀ.ਯੂ. ਆਦਿ ਜੱਥੇਬੰਦੀਆਂ ਦੇ ਨੁੰਮਾਇੰਦਿਆਂ ਤੋਂ ਇਲਾਵਾ ਫ਼ਿਰੋਜ਼ਪੁਰ ਵਾਸੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।

Related Articles

Leave a Reply

Your email address will not be published. Required fields are marked *

Back to top button