ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨੂੰ ਲੈ ਕੇ ਦਿੱਲੀ ਹਾਈ ਕੋਰਟ ਪੁੱਜੇ ਜੀਕੇ, High Court ਨੇ ਨੋਟਿਸ ਕੀਤਾ ਜਾਰੀ

ਅੰਮ੍ਰਿਤਸਰ, 8 ਫਰਵਰੀ– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿਚ ਪ੍ਰਸਤਾਵਿਤ ਆਮ ਚੋਣਾ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਵਿਰੁੱਧ ਦਿੱਲੀ ਹਾਈਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ ਵਕਾਲਤ ਕੀਤੀ ਗਈ ਹੈ। ਇਸ ਪਟੀਸ਼ਨ ਨੂੰ ਦਾਖਲ ਕਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੌਮੀ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀਕੇ ਨੇ ਇਸ ਸਬੰਧੀ ਅਕਾਲੀ ਦਲ ਦਫ਼ਤਰ ਵਿਖੇ ਆਪਣੇ ਵਕੀਲ ਐਡਵੋਕੇਟ ਨਗਿੰਦਰ ਬੇਨੀਪਾਲ ਦੇ ਨਾਲ ਮੀਡੀਆ ਸਾਹਮਣੇ ਕਾਨੂੰਨੀ ਨੁਕਤਿਆਂ ਦੀ ਸਾਂਝ ਪਾਈ। ਜੀਕੇ ਨੇ ਕਿਹਾ ਕਿ ਜਸਟਿਸ ਜੋਤੀ ਸਿੰਘ ਨੇ 4 ਫਰਵਰੀ ਨੂੰ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਚੋਣ ਡਾਇਰੈਕਟੋਰੇਟ, ਦਿੱਲੀ ਸਰਕਾਰ, ਉਪਰਾਜਪਾਲ ਅਤੇ ਦਿੱਲੀ ਕਮੇਟੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 23 ਮਾਰਚ ਨੂੰ ਹੋਵੇਗੀ। ਜੀਕੇ ਨੇ ਦੱਸਿਆ ਕਿ ਚੋਣ ਡਾਇਰੈਕਟੋਰੇਟ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ। ਜਿਸ ਵੋਟਰ ਸੂਚੀ ਰਾਹੀਂ 2021 ’ਚ ਚੋਣਾਂ ਹੋਈਆਂ ਸਨ, ਉਹ 1983 ਤੋਂ ਬਾਅਦ ਹਰ ਵਾਰ ਚੋਣਾਂ ਵੇਲੇ ਕੇਵਲ ਸੋਧੀ ਗਈ ਹੈ। ਜਦਕਿ ਦਿੱਲੀ ਹਾਈਕੋਰਟ ਨੇ 2020 ’ਚ ਚੋਣ ਡਾਇਰੈਕਟੋਰੇਟ ਨੂੰ ਸਪਸ਼ਟ ਆਦੇਸ਼ ਦਿੱਤਾ ਸੀ ਕਿ 2021 ਦੀਆਂ ਚੋਣਾਂ ਦੇ ਤੁਰੰਤ ਬਾਅਦ ਨਵੀਂ ਫੋਟੋ ਵੋਟਰ ਸੂਚੀ ਬਣਾਉਂਣ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ। ਪਰ ਆਮ ਚੋਣਾਂ ਦੇ ਸਾਢੇ 3 ਸਾਲ ਬਾਅਦ ਵੀ ਚੋਣ ਡਾਇਰੈਕਟੋਰੇਟ ਨੇ ਕੰਮ ਸ਼ੁਰੂ ਨਹੀਂ ਕੀਤਾ ਹੈ। ਇਸ ਕਰਕੇ ਸਾਨੂੰ ਹਾਈਕੋਰਟ ਜਾਣਾ ਪਿਆ ਹੈ।
33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣਾ ਜ਼ਰੂਰੀ : ਜੀਕੇ
ਜੀਕੇ ਨੇ ਦਿੱਲੀ ਕਮੇਟੀ ਦੇ ਪ੍ਰਬੰਧ ’ਚ ਸ਼ਰਾਫਤ ਤੇ ਪਾਰਦਰਸ਼ਤਾ ਲਿਆਉਣ ਲਈ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਨੂੰ ਜ਼ਰੂਰੀ ਦੱਸਿਆ। ਜੀਕੇ ਨੇ ਕਿਹਾ ਕਿ ਨਵੀਆਂ ਵੋਟਾਂ ਬਣਾਉਣ ਤੋਂ ਬਾਅਦ ਸਮੂਹ 46 ਵਾਰਡਾਂ ਦੀ ਨਵੀਂ ਹੱਦਬੰਦੀ ਦੀ ਵੀ ਅਸੀਂ ਮੰਗ ਕੀਤੀ ਹੈ। ਜੀਕੇ ਨੇ ਦਿੱਲੀ ਕਮੇਟੀ ਦੇ ਅੰਤ੍ਰਿੰਗ ਬੋਰਡ ਚੋਣ ’ਚ ਇੱਕ ਸਾਲ ਦੀ ਹੋਈ ਦੇਰੀ ਅਤੇ ਆਮ ਚੋਣਾਂ ਲਈ ਵੋਟਾਂ ਬਣਾਉਣ ਦੇ ਮਸਲੇ ’ਤੇ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਚੁੱਪੀ ’ਤੇ ਹੈਰਾਨੀ ਪ੍ਰਗਟਾਈ ਹੈ। ਐਡਵੋਕੇਟ ਨਗਿੰਦਰ ਬੇਨੀਪਾਲ ਨੇ ਪਟੀਸ਼ਨ ਦੀ ਅਗਾਊਂ ਕਾਪੀ ਸਪਲਾਈ ਕਰਨ ਦੇ ਬਾਵਜੂਦ ਦਿੱਲੀ ਕਮੇਟੀ ਅਤੇ ਦਿੱਲੀ ਚੋਣ ਡਾਇਰੈਕਟੋਰੇਟ ਦੇ ਵਕੀਲਾਂ ਦੇ ਸੁਣਵਾਈ ਦੌਰਾਨ ਨਾ ਪਹੁੰਚਣ ਨੂੰ ਚੋਣਾਂ ’ਚ ਦੇਰੀ ਕਰਵਾਉਂਣ ਦੀ ਮੰਸ਼ਾ ਨਾਲ ਜੋੜਿਆ। ਐਡਵੋਕੇਟ ਬੇਨੀਪਾਲ ਨੇ ਦਿੱਲੀ ਨਗਰ ਨਿਗਮ ਐਕਟ ਤੇ ਦਿੱਲੀ ਗੁਰਦੁਆਰਾ ਕਮੇਟੀ ਐਕਟ ਦੀਆਂ ਆਪਸੀ ਸਾਂਝ ਨੂੰ ਦੱਸਦਿਆ ਔਰਤਾਂ ਲਈ 50 ਫੀਸਦੀ ਸੀਟਾਂ ਉਤੇ ਨਿਗਮ ਐਕਟ ’ਚ ਰਾਖਵੇਂਕਰਨ ਦਾ ਹਵਾਲਾ ਵੀ ਦਿੱਤਾ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਕਰਤਾਰ ਸਿੰਘ ਚਾਵਲਾ, ਸਤਨਾਮ ਸਿੰਘ ਖੀਵਾ, ਮਹਿੰਦਰ ਸਿੰਘ, ਅਕਾਲੀ ਆਗੂ ਡਾਕਟਰ ਪਰਮਿੰਦਰ ਪਾਲ ਸਿੰਘ, ਰਮਨਦੀਪ ਸਿੰਘ ਸੋਨੂੰ, ਸਤਪਾਲ ਸਿੰਘ, ਸੁਖਮਨ ਸਿੰਘ ਅਤੇ ਬਾਬੂ ਸਿੰਘ ਦੁਖੀਆਂ ਆਦਿਕ ਮੌਜੂਦ ਸਨ।



