National

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 21 ਫਰਵਰੀ ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ : ਡਿਪਟੀ ਕਮਿਸ਼ਨਰ

ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਕੱਢਿਆ ਜਾਵੇਗਾ ਮਾਰਚ, ਪੰਜਾਬੀ ਭਾਸ਼ਾ ’ਤੇ ਆਧਾਰਿਤ ਝਾਕੀਆਂ ਵੀ ਹੋਣਗੀਆਂ ਖਿੱਚ ਦਾ ਕੇਂਦਰ

ਜਲੰਧਰ, 20 ਫਰਵਰੀ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਮੰਤਵ ਨਾਲ 21 ਫਰਵਰੀ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮਾਤ ਭਾਸ਼ਾ ਦਿਵਸ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮਾਤ ਭਾਸ਼ਾ ਦਿਵਸ ਮੌਕੇ ਮਾਰਚ ਕੱਢਿਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਹ ਮਾਰਚ ਲਾਇਲਪੁਰ ਖਾਲਸਾ ਸਕੂਲ ਤੋਂ ਸ਼ੁਰੂ ਹੋ ਕੇ ਨਕੋਦਰ ਚੌਕ, ਭਗਵਾਨ ਵਾਲਮੀਕਿ ਚੌਕ, ਕੰਪਨੀ ਬਾਗ ਚੌਕ, ਭਗਤ ਨਾਮਦੇਵ ਚੌਕ ਤੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਨੇੜੇ ਸਮਾਪਤ ਹੋਵੇਗਾ, ਜਿਥੇ ਸੱਭਿਆਚਾਰਕ ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਆਪਣੀਆਂ ਪੇਸ਼ਕਾਰੀਆਂ ਦੇਣਗੇ। ਡਾ. ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਪੰਜਾਬੀ ਭਾਸ਼ਾ ’ਤੇ ਆਧਾਰਿਤ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਸਰਬਓਤਮ ਝਾਕੀ ਨੂੰ 11000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਸਨੇਹ, ਚੇਤਨਾ ਅਤੇ ਹਾਂ-ਪੱਖੀ ਸੋਚ ਪੈਦਾ ਕਰਨਾ ਹੈ। ਉਨ੍ਹਾਂ ਨੇ ਇਸ ਮੌਕੇ ਅਧਿਕਾਰੀਆਂ ਨੂੰ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਦਿਆਰਥੀਆਂ ਲਈ ਰਿਫ਼ਰੈਸ਼ਮੈਂਟ, ਪੀਣ ਵਾਲੇ ਪਾਣੀ, ਵਿਦਿਆਰਥੀਆਂ ਨੂੰ ਲਿਆਉਣ-ਲਿਜਾਣ ਲਈ ਵਾਹਨ, ਐਂਬੂਲੈਂਸ ਸਮੇਤ ਮੈਡੀਕਲ ਟੀਮਾਂ, ਮਾਰਚ ਦੇ ਰੂਟ ਦੀ ਸਾਫ਼-ਸਫਾਈ, ਆਰਜ਼ੀ ਪਖਾਨਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਸ ਸਮਾਗਮ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਜਾਗ੍ਰਿਤੀ ਮੰਚ ਦੇ ਅਹੁਦੇਦਾਰ ਅਤੇ ਸਕੂਲਾਂ ਤੇ ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button