National

ਸੂਬੇ ਦੇ 3,381 ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ, CM ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ ਫ਼ੈਸਲਾ

ਚੰਡੀਗੜ੍ਹ, 22 ਫਰਵਰੀ– ਸੂਬੇ ’ਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਫ਼ੈਸਲਾ ਸ਼ੁੱਕਰਵਾਰ ਨੂੰ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਸਿੱਖਿਆ ਵਿਭਾਗ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ 3381 ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਦੋ ਬੈਚਾਂ 951 ਤੇ 2430 ’ਚ ਮੁਕੰਮਲ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ’ਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ’ਚ ਆਉਣ ਦੇ 35 ਮਹੀਨਿਆਂ ’ਚ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ’ਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ’ਚ ਦਿੱਤੀਆਂ ਗਈਆਂ ਹਨ, ਜੋ ਸੂਬਾ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ।

Related Articles

Leave a Reply

Your email address will not be published. Required fields are marked *

Back to top button