CM ਮਾਨ ਦਾ 4 ਸਾਲਾਂ ਦਾ ਰਿਪੋਰਟ ਕਾਰਡ: ਪੰਜਾਬ ਕਰੇਗਾ ਏਸ਼ੀਆ ਹਾਕੀ ਕੱਪ ਦੀ ਮੇਜ਼ਬਾਨੀ
ਅੰਮ੍ਰਿਤਸਰ 'ਚ ਬਣੇਗਾ ਅੰਤਰਰਾਸ਼ਟਰੀ ਕ੍ਰਿਕਟ ਮੈਦਾਨ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 16 ਮਾਰਚ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਚੋਣਾਂ ਸਮੇਂ ਜਨਤਾ ਨਾਲ ਕੀਤੇ ਬਹੁਤੇ ਵਾਅਦੇ ਪੂਰੇ ਕੀਤੇ ਹਨ ਅਤੇ ਕਈ ਅਜਿਹੇ ਕੰਮ ਵੀ ਕੀਤੇ ਹਨ ਜਿਨ੍ਹਾਂ ਦਾ ਐਲਾਨ ਪਹਿਲਾਂ ਨਹੀਂ ਕੀਤਾ ਗਿਆ ਸੀ। ਸਭ ਤੋਂ ਪਹਿਲਾਂ ਮੁੱਖ ਮੰਤਰੀ ਨੇ ‘ਸੀਐਮ ਮਾਨ ਦੇ ਨਾਲ 4 ਸਾਲ’ ਕਿਤਾਬਚਾ (Booklet) ਲਾਂਚ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਚਾਰ ਸਾਲਾਂ ਦੇ ਸਫਰ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ 16 ਮਾਰਚ 2022 ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਸ਼ੁਰੂ ਹੋਈ ਇਸ ਸਰਕਾਰ ਨੇ ਬਿਜਲੀ, ਸਿਹਤ, ਖੇਤੀਬਾੜੀ, ਰੁਜ਼ਗਾਰ ਅਤੇ ਖੇਡਾਂ ਦੇ ਖੇਤਰ ਵਿੱਚ ਵੱਡੇ ਫੈਸਲੇ ਲਏ ਹਨ।
300 ਯੂਨਿਟ ਮੁਫ਼ਤ ਬਿਜਲੀ ਨਾਲ ਕੀਤੀ ਸ਼ੁਰੂਆਤ
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਨੂੰ ਲੈ ਕੇ ਸ਼ੁਰੂ ਵਿੱਚ ਵਿਰੋਧੀਆਂ ਨੇ ਕਈ ਸਵਾਲ ਉਠਾਏ ਸਨ, ਪਰ ਸਰਕਾਰ ਨੇ ਜੁਲਾਈ 2022 ਤੋਂ ਹੀ ਇਹ ਯੋਜਨਾ ਲਾਗੂ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਲਗਪਗ 90 ਫੀਸਦੀ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਦਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਿਨ ਵੇਲੇ ਅੱਠ ਘੰਟੇ ਬਿਨਾਂ ਰੁਕਾਵਟ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਸਿਹਤ ਸਹੂਲਤਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਜਲਦੀ ਹੀ 200 ਹੋਰ ਖੋਲ੍ਹੇ ਜਾਣਗੇ। ਇਨ੍ਹਾਂ ਕੇਂਦਰਾਂ ‘ਤੇ ਲੱਖਾਂ ਲੋਕ ਮੁਫ਼ਤ ਇਲਾਜ ਅਤੇ ਟੈਸਟਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਹਜ਼ਾਰਾਂ ਲੋਕਾਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ।
ਜਲੰਧਰ ਤੇ ਮੋਹਾਲੀ ‘ਚ ਹੋਣਗੇ ਏਸ਼ੀਆ ਕੱਪ ਹਾਕੀ ਮੈਚ
ਖੇਡਾਂ ਦੇ ਖੇਤਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਪੰਜਾਬ ਨੂੰ ਏਸ਼ੀਆ ਕੱਪ ਹਾਕੀ ਪ੍ਰਤੀਯੋਗਤਾ ਦੀ ਮੇਜ਼ਬਾਨੀ ਮਿਲਣ ਜਾ ਰਹੀ ਹੈ। ਇਹ ਮੁਕਾਬਲੇ ਜਲੰਧਰ ਦੇ ਬਰਲਟਨ ਪਾਰਕ ਮੈਦਾਨ ਅਤੇ ਮੋਹਾਲੀ ਵਿੱਚ ਕਰਵਾਏ ਜਾਣਗੇ। ਇਸ ਨਾਲ ਪੰਜਾਬ ਦੀ ਖੇਡ ਪਰੰਪਰਾ ਨੂੰ ਨਵੀਂ ਪਛਾਣ ਮਿਲੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਨਵਾਂ ਕ੍ਰਿਕਟ ਮੈਦਾਨ ਬਣਾਇਆ ਜਾਵੇਗਾ।
ਖੇਤੀਬਾੜੀ, ਰੁਜ਼ਗਾਰ ਅਤੇ ਨਸ਼ੇ ਵਿਰੁੱਧ ਜੰਗ
ਨਹਿਰੀ ਪਾਣੀ ਦੀ ਵਰਤੋਂ 21-22 ਫੀਸਦੀ ਤੋਂ ਵਧ ਕੇ 70 ਫੀਸਦੀ ਤੋਂ ਵੱਧ ਹੋ ਗਈ ਹੈ। ਪਿਛਲੇ ਚਾਰ ਸਾਲਾਂ ਵਿੱਚ ਕਰੀਬ 65 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ।ਸੜਕ ਸੁਰੱਖਿਆ ਫੋਰਸ (SSF) ਦੀ ਸਥਾਪਨਾ ਤੋਂ ਬਾਅਦ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਵੱਡੀ ਕਮੀ ਆਈ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਪਾਸੇ ਗੈਂਗਸਟਰਾਂ ਵਿਰੁੱਧ ਕਾਰਵਾਈ ਦੀ ਗੱਲ ਹੁੰਦੀ ਹੈ, ਜਦਕਿ ਦੂਜੇ ਪਾਸੇ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸੀ ਸੰਸਦ ਸੁਖਜਿੰਦਰ ਸਿੰਘ ਰੰਧਾਵਾ ‘ਤੇ ਵੀ ਤਨਜ਼ ਕੱਸਿਆ। CM ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਨੂੰ ਚੋਣਾਂ ਵਿੱਚ ਟਿਕਟਾਂ ਨਹੀਂ ਦਿੰਦੀ ਅਤੇ ਨਾ ਹੀ ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।



