CM Mann ਵਲੋਂ ਰਾਹੁਲ ਗਾਂਧੀ ਵਿਰੁੱਧ ਟਿੱਪਣੀ ‘ਤੇ ਕਾਂਗਰਸ ਦਾ ਰੋਸ ਵਿਖਾਵਾ
ਬਰਨਾਲਾ ਵਿੱਚ ਕਾਂਗਰਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 2 ਅਪਰੈਲ- ਇਸ ਮੌਕੇ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਨੇਤਾ ਰਾਹੁਲ ਗਾਂਧੀ ਵਿਰੁੱਧ ਬਹੁਤ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ। ਰਾਹੁਲ ਗਾਂਧੀ ਇੱਕ ਇਮਾਨਦਾਰ ਨੇਤਾ ਹਨ, ਮੁੱਖ ਮੰਤਰੀ ਦੀ ਉਨ੍ਹਾਂ ਬਾਰੇ ਟਿੱਪਣੀ ਬਹੁਤ ਹੀ ਮੰਦਭਾਗੀ ਹੈ। ਜਿਸ ਤਹਿਤ ਕਾਂਗਰਸ ਪਾਰਟੀ ਦੇ ਸੱਦੇ ‘ਤੇ ਅੱਜ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਜਿਹੀ ਸਸਤੀ ਰਾਜਨੀਤੀ ਦੀ ਨਿੰਦਾ ਕਰਦੇ ਹਨ। ਕਿਉਂਕਿ ਰਾਹੁਲ ਗਾਂਧੀ ਇੱਕ ਬਹੁਤ ਹੀ ਇਮਾਨਦਾਰ, ਦ੍ਰਿੜ ਵਿਅਕਤੀ ਹਨ ਜਿਨ੍ਹਾਂ ਨੇ ਝੂਠ ਦੀ ਰਾਜਨੀਤੀ ਨਹੀਂ ਕੀਤੀ। ਜਦੋਂ ਕਿ ਆਮ ਆਦਮੀ ਪਾਰਟੀ, ਭਾਜਪਾ ਵਾਂਗ, ਹੁਣ ਲੋਕਾਂ ਨੂੰ ਝੂਠੀਆਂ ਉਮੀਦਾਂ ਦਿਖਾ ਰਹੀ ਹੈ। ਰਾਹੁਲ ਗਾਂਧੀ ਕਦੇ ਵੀ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਅਜਿਹੀਆਂ ਗਲਤ ਟਿੱਪਣੀਆਂ ਨਹੀਂ ਕਰਨਗੇ। ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਦਿੱਲੀ ਚੋਣਾਂ ਹਾਰਨ ਤੋਂ ਬਾਅਦ, ਅਰਵਿੰਦ ਕੇਜਰੀਵਾਲ ਪੰਜਾਬ ਦੀ ਰਾਜਨੀਤੀ ਵਿੱਚ ਬੇਲੋੜੀ ਦਖਲਅੰਦਾਜ਼ੀ ਕਰ ਰਹੇ ਹਨ। ਕੇਜਰੀਵਾਲ ਦਾ ਪੰਜਾਬ ਦੇ ਅਫਸਰਾਂ ‘ਤੇ ਕੰਟਰੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੂੰਜੀ ਬੇਲੋੜੀ ਇਸ਼ਤਿਹਾਰਬਾਜ਼ੀ ‘ਤੇ ਬਰਬਾਦ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦਾ ਫਾਇਦਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਾਂਗਰਸ ਹਰ ਮੋਰਚੇ ‘ਤੇ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।



