Grenade Attack: ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਕੀਤਾ ਗਿਆ ਗ੍ਰਨੇਡ ਹਮਲਾ, ਲੋਕਾਂ ‘ਚ ਡਰ ਦਾ ਮਾਹੌਲ

ਜਲੰਧਰ, 8 ਅਪਰੈਲ-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਸੋਮਵਾਰ ਦੀ ਅੱਧੀ ਰਾਤ ਗ੍ਰਨੇਡ ਹਮਲਾ ਹੋ ਗਿਆ। ਇਹ ਘਟਨਾ ਰਾਤ ਕਰੀਬ ਇਕ ਡੇਢ ਵਜੇ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਦੱਸਿਆ ਉਹ ਰਾਤ ਘਰ ਸੁੱਤੇ ਪਏ ਸਨ ਤਾਂ ਘਰ ਦੇ ਬਾਹਰ ਧਮਾਕੇ ਦੀ ਆਵਾਜ਼ ਆਈ ਤਾਂ ਉਨ੍ਹਾਂ ਸਮਝਿਆ ਕਿ ਬਿਜਲੀ ਦੇ ਟਰਾਂਸਫਾਰਮਰ ਧਮਾਕਾ ਹੈ। ਧਮਾਕੇ ਦੀ ਆਵਾਜ਼ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋ ਗਏ। ਘਰ ਵਿਚ ਮੌਜੂਦ ਗੰਨਮੈਨਾਂ ਤੇ ਲੋਕਾਂ ਨੇ ਉਨ੍ਹਾਂ ਜਗਾਇਆ ਤੇ ਦੱਸਿਆ ਘਰ ਦੇ ਬਾਹਰ ਗ੍ਰਨੇਡ ਹਮਲਾ ਹੋਇਆ ਹੈ। ਕਾਲੀਆ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਗੰਨਮੈਨ ਨੂੰ ਆਪਣੇ ਘਰ ਦੇ ਨੇੜੇ ਥਾਣਾ ਡਵੀਜ਼ਨ ਨੰਬਰ ਤਿੰਨ ਵਿਖੇ ਭੇਜਿਆ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਵੀ ਫੋਨ ਕਰਕੇ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ਉਤੇ ਪੁੱਜ ਗਈਆਂ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਦਿਨ ਚੜ੍ਹਦੇ ਸਾਰ ਹੀ ਪੁਲਿਸ ਦੀਆਂ ਫੋਰੈਂਸਿਕ ਟੀਮਾਂ ਵੀ ਪੁੱਜ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਾਲੀਆ ਦੇ ਘਰ ਲੱਗੇ ਸੀਸੀਟੀਵੀ ਤੇ ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਗ੍ਰਨੇਡ ਹਮਲਾ ਕਰਨ ਵਾਲੇ ਸ਼ੱਕੀ ਈ ਰਿਕਸ਼ਾ ਵਿਚ ਸਵਾਰ ਹੋ ਕੇ ਆਏ ਸਨ। ਇਸ ਸਬੰਧੀ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਇਕ ਵਜੇ ਸੂਚਨਾ ਮਿਲੀ ਸੀ ਕਿ ਇੱਥੇ ਵਿਸਫੋਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਤੁਰੰਤ ਘਟਨਾ ਵਾਲੀ ਥਾਂ ਉੱਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਗਈ ਹੈ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਵੀ ਨਾਜ਼ੁਕ ਥਾਵਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਤਫਤੀਸ਼ ਜਾਰੀ ਹੈ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਵੀ ਨਾਜ਼ੁਕ ਥਾਵਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਤਫਤੀਸ਼ ਜਾਰੀ ਹੈ। ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਇਸ ਹਮਲੇ ਬਾਰੇ ਡੀਪੀ ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਫੋਰੈਂਸਿਕ ਲੈਬ ਟੀਮ ਮੌਕੇ ‘ਤੇ ਪਹੁੰਚ ਰਹੀ ਹੈ। ਉਨ੍ਹਾਂ ਦੀ ਜਾਂਚ ਤੋਂ ਬਾਅਦ ਹੀ ਇਹ ਕਿਹਾ ਜਾ ਸਕਦਾ ਹੈ ਕਿ ਧਮਾਕੇ ਨਾਲ ਕੌਣ ਪ੍ਰਭਾਵਿਤ ਹੋਇਆ। ਹਾਲਾਂਕਿ ਪੁਲਿਸ ਸਟੇਸ਼ਨ ਤੋਂ ਥੋੜ੍ਹੀ ਦੂਰੀ ‘ਤੇ ਹੋਏ ਇਸ ਹਮਲੇ ਤੋਂ ਬਾਅਦ, ਪੁਲਿਸ ਵਿਭਾਗ ਦੀ ਸਖ਼ਤ ਆਲੋਚਨਾ ਹੋ ਰਹੀ ਹੈ। ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਧਮਾਕੇ ਸਮੇਂ ਉੱਥੋਂ ਇੱਕ ਈ-ਰਿਕਸ਼ਾ, ਇੱਕ ਕਾਰ ਅਤੇ ਇੱਕ ਮੋਟਰਸਾਈਕਲ ਵੀ ਨਿਕਲਿਆ। ਹੁਣ ਉਨ੍ਹਾਂ ਵਿੱਚੋਂ ਬੰਬ ਵਰਗੀ ਚੀਜ਼ ਕਿਸਨੇ ਸੁੱਟੀ, ਇਹ ਅਜੇ ਵੀ ਜਾਂਚ ਦਾ ਵਿਸ਼ਾ ਹੈ। ਡੀਸੀਪੀ ਮਨਪ੍ਰੀਤ ਢਿੱਲੋਂ ਨੇ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਨਾ ਤਾਂ ਕੋਈ ਸ਼ੈੱਲ ਮਿਲਿਆ ਹੈ ਅਤੇ ਨਾ ਹੀ ਕੋਈ ਵਿਸਫੋਟਕ ਸਮੱਗਰੀ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਫੋਰੈਂਸਿਕ ਟੀਮ ਹੀ ਦੱਸ ਸਕਦੀ ਹੈ ਕਿ ਕੀ ਸੁੱਟਿਆ ਗਿਆ ਹੈ, ਜੋ ਕਿ ਜਾਂਚ ਤੋਂ ਬਾਅਦ ਪਤਾ ਲੱਗੇਗਾ। ਇਸ ਤੋਂ ਇਲਾਵਾ ਭਾਜਪਾ ਨੇਤਾ ਸ਼ੀਤਲ ਅੰਗੁਰਾਲ ਦੇਰ ਰਾਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ।



