Ludhiana ਦੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ 2 ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ, ਜਾਣੋ ਕੀ ਰਹੀ ਵਜ੍ਹਾ

ਲੁਧਿਆਣਾ, 13 ਮਈ- ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਵਿੰਦਰ ਕੌਰ ਵੱਲੋਂ ਕੁਝ ਦਿਨ ਪਹਿਲਾ ਪ੍ਰਾਈਵੇਟ ਸਕੂਲ ਚੈੱਕ ਕੀਤੇ ਗਏ ਸਨ। ਚੈਕਿੰਗ ਦੌਰਾਨ ਪਾਇਆ ਗਿਆ ਕਿ ਕੁਝ ਸਕੂਲਾਂ ਕੋਲ ਨਾ ਆਰਟੀਈ ਦੀ ਮਾਨਤਾ ਅਤੇ ਨਾ ਹੀ ਯੂਡਾਈਸ ਕੋਡ ਸੀ। ਇਹ ਸਕੂਲ ਅਤੇ ਅਕੈਡਮੀ ਟਿਊਸ਼ਨ ਸੈਂਟਰਾਂ ਦੇ ਨਾਮ ‘ਤੇ ਚਲਾਏ ਜਾ ਰਹੇ ਸਨ, ਜਿਨਾਂ ‘ਤੇ ਸਖਤ ਕਾਰਵਾਈ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਬੰਧਤ ਕੁਝ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਅਤੇ ਇਸ ਸਬੰਧੀ ਸਕੂਲਾਂ ਨੂੰ 2 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਸੀ ਪਰ ਸਕੂਲਾਂ ਵੱਲੋਂ ਸੰਤੁਸ਼ਟ ਜਵਾਬ ਨਾ ਆਉਣ ਕਾਰਨ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ 2 ਸਕੂਲਾਂ ਨੂੰ ਬੰਦ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਸਾਰਥਕ ਅਕੈਡਮੀ ਟਿੱਬਾ ਰੋਡ ਅਤੇ ਪ੍ਰੇਰਨਾ ਅਕੈਡਮੀ ਸ਼ੇਰਪੁਰ ਕਲਾਂ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਬੰਧਤ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਨੇੜਲੇ ਸਰਕਾਰੀ ਸਕੂਲ ਵਿੱਚ ਦਾਖਲਾ ਕਰਵਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਬਲਾਕਾਂ ਦੇ ਬੀਪੀਓਜ਼ ਅਤੇ ਸੀਐਚਟੀ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਵਿੱਚ ਦਾਖਲਾ ਸਬੰਧੀ ਹੋਰ ਤੇਜ਼ੀ ਲਿਆਉਣ ਲਈ ਅਤੇ ਪ੍ਰਾਈਵੇਟ ਸਕੂਲਾਂ ਦੀ ਫਿਜ਼ੀਕਲ ਤੌਰ ‘ਤੇ ਚੈਕਿੰਗ ਕਰਕੇ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਜੇਕਰ ਚੈਕਿੰਗ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਕਿਸੇ ਵੱਲੋਂ ਪਾਈ ਜਾਂਦੀ ਹੈ ਤਾਂ ਉਸ ਸਬੰਧੀ ਵੀ ਕਾਰਵਾਈ ਕਰਨ ਲਈ ਕਿਹਾ ਗਿਆ।



